ਚਮਕੌਰ ਸਾਹਿਬ, 12 ਨਵੰਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਚਮਕੌਰ ਸਾਹਿਬ ਵਿਖੇ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ ਮੌਕੇ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਲੋੜ ਆਪਣੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ, ਗੈਂਗਸਟਰਵਾਦ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਮਾਹੌਲ ‘ਚੋਂ ਬਾਹਰ ਕੱਢਣਾ ਸਮੇਂ ਦੀ ਮੰਗ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਣੀਆਂ ਦਾ ਮਸਲਾ, ਕਾਨੂੰਨ ਵਿਵਸਥਾ ਦੀ ਸਥਿਤੀ, ਨਸ਼ਿਆਂ ਦਾ ਕਾਰੋਬਾਰ ਹੋਵੇ ਜਾਂ ਗੈਂਗਸਟਰਵਾਦ, ਕਾਂਗਰਸ ਇਨ੍ਹਾਂ ਸਾਰੇ ਮੁੱਦਿਆਂ ‘ਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਪੂਰੀ ਮਜ਼ਬੂਤੀ ਨਾਲ ਲੜੀ ਜਾਵੇਗੀ। ‘ਜਵਾਨੀ ਸੰਭਾਲ ਯਾਤਰਾ’ ਦਾ ਮਕਸਦ ਇਨ੍ਹਾਂ ਮੁੱਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪੰਜਾਬ ਦੇ ਭਵਿੱਖ ਦੀ ਰਾਖੀ ਲਈ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸ਼ਾਂਤੀ, ਭਾਈਚਾਰੇ, ਬਹਾਦਰੀ ਅਤੇ ਕੁਰਬਾਨੀਆਂ ਦੀ ਧਰਤੀ ਹੈ। ਪੰਜਾਬ ਦੀ ਪਛਾਣ ਇਸ ਦੇ ਮਹਾਨ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਵਿਰਾਸਤ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਪੀਲੀ ਪੱਗ ਬੰਨ੍ਹਣ ਨਾਲ ਕੋਈ ਭਗਤ ਸਿੰਘ ਨਹੀਂ ਬਣ ਸਕਦਾ, ਸਗੋਂ ਉਨ੍ਹਾਂ ਦੇ ਵਿਚਾਰਾਂ, ਸਿਧਾਂਤਾਂ ਅਤੇ ਤਿਆਗ ਨੂੰ ਅਪਣਾਉਣਾ ਜ਼ਰੂਰੀ ਹੈ। ਪਰਗਟ ਸਿੰਘ ਨੇ ਦੋਸ਼ ਲਗਾਇਆ ਕਿ ਦੋਸ਼ ਲਾਇਆ ਕਿ ਦਿੱਲੀ ਦੇ ਆਗੂਆਂ ਅੱਗੇ ਝੁਕ ਕੇ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਕਮਜ਼ੋਰ ਕੀਤਾ ਹੈ।
ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਲੜਾਈ ਸਿਰਫ਼ ਸਿਆਸੀ ਨਹੀਂ, ਸਗੋਂ ਵਿਚਾਰਧਾਰਾ ਦੀ ਲੜਾਈ ਹੈ। ਕਾਂਗਰਸ ਧਰਮ ਨਿਰਪੱਖ ਵਿਚਾਰਧਾਰਾ ‘ਚ ਵਿਸ਼ਵਾਸ ਰੱਖਦੀ ਹੈ ਅਤੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਅੱਜ ਪੰਜਾਬ ਦੀ ਏਕਤਾ, ਸਿੱਖੀ, ਪੰਜਾਬੀਅਤ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ‘ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜੀ ਹੋਈ ਕਾਨੂੰਨ ਵਿਵਸਥਾ ਨਾਲ ਨਜਿੱਠਣ ਲਈ ਇੱਕ ਪ੍ਰਭਾਵਸ਼ਾਲੀ ਮਾਡਲ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਢੀ ਜਾ ਰਹੀ ‘ਜਵਾਨੀ ਸੰਭਾਲ ਯਾਤਰਾ’ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਕਾਂਗਰਸ ਇਸ ਮੁਹਿੰਮ ਦਾ ਸੁਨੇਹਾ ਸੂਬੇ ਦੇ ਹਰ ਪਿੰਡ, ਸ਼ਹਿਰ ਅਤੇ ਘਰ ਤੱਕ ਪਹੁੰਚਾਏਗੀ। ਉਨ੍ਹਾਂ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਇਸ ਮੁਹਿੰਮ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Read More: ਪੰਜਾਬ ‘ਚ ਕਾਂਗਰਸ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲਿਆਂ ਨੂੰ ਹੀ ਦੇਵੇਗੀ ਟਿਕਟ: ਸਚਿਨ ਪਾਇਲਟ




