ਭਗਵੰਤ ਸਿੰਘ ਮਾਨ

ਲੋਕ ਭਲਾਈ, ਵਿਕਾਸ ਤੇ ਠੋਸ ਨਤੀਜਿਆਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ ਚੋਣਾਂ: CM ਭਗਵੰਤ ਮਾਨ

ਤਰਨ ਤਾਰਨ, 17 ਨਵੰਬਰ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਰਾਜਨੀਤਿਕ ਵਿਵਾਦਾਂ ਦੀ ਬਜਾਏ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਮੁੱਦਿਆਂ ‘ਤੇ ਲੜੀਆਂ ਜਾਣਗੀਆਂ। ਪੱਟੀ ਵਿਧਾਨ ਸਭਾ ਹਲਕੇ ਦੇ ਸਭਰਾ ਪਿੰਡ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧਾ ਕੇ 88 ਫ਼ੀਸਦੀ ਕੀਤੀ ਗਈ ਹੈ, ਅਤੇ ਸੂਬੇ ਭਰ ‘ਚ 14,000 ਕਿਲੋਮੀਟਰ ਭੂਮੀਗਤ ਪਾਈਪਲਾਈਨਾਂ ਵਿਛਾਈਆਂ ਹਨ। ਉਨ੍ਹਾਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣਨ ‘ਚ ਮੱਦਦ ਕਰਨ ਲਈ ਮੁਫ਼ਤ ਯੂਪੀਐਸਸੀ ਕੋਚਿੰਗ ਸੈਂਟਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਦੇ ਅੰਦਰ ਬਿਹਤਰ ਰੁਜ਼ਗਾਰ ਅਤੇ ਵਿਦਿਅਕ ਮੌਕੇ ਪੈਦਾ ਕਰਨਾ ਹੈ, ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ‘ਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਆਸੀ ਵਿਵਾਦਾਂ ਅਤੇ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ‘ਤੇ ਧਿਆਨ ਕੇਂਦਰਿਤ ਕਰਨ ਦਾ ਸਮਾਂ ਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਬਿਹਤਰ ਵਿਦਿਅਕ ਮੌਕਿਆਂ ਦੀ ਜ਼ਰੂਰਤ ਹੈ ਤਾਂ ਜੋ ਸਾਡੇ ਬੱਚੇ ਆਪਣੇ ਲਈ ਇੱਕ ਉੱਜਵਲ ਭਵਿੱਖ ਬਣਾ ਸਕਣ। ਇੱਕ ਕਾਲਜ ਅਤੇ ਇੱਕ ਮੈਡੀਕਲ ਕਾਲਜ ਸਥਾਪਤ ਕਰਨ ਦੀ ਜਨਤਾ ਦੀ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ, ਸਵੇਰ ਤੋਂ ਸ਼ਾਮ ਛੇ ਵਜੇ ਤੱਕ ਬਿਜਲੀ ਸਪਲਾਈ ਯਕੀਨੀ ਬਣਾ ਕੇ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਹੁਣ, ਸਾਡੇ ਕਿਸਾਨ ਆਪਣੀ ਜਾਨ ਜੋਖਮ ‘ਚ ਪਾਏ ਬਿਨਾਂ ਦਿਨ ਵੇਲੇ ਆਪਣੇ ਖੇਤਾਂ ਦੀ ਸਿੰਚਾਈ ਕਰ ਸਕਦੇ ਹਨ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ ਔਰਤਾਂ ਦੇ ਯੋਗਦਾਨ ਲਈ ਸਤਿਕਾਰ ਪ੍ਰਗਟ ਕਰਨ ਦਾ ਇੱਕ ਸਾਧਨ ਹੈ। ਸਾਡਾ ਉਦੇਸ਼ ਔਰਤਾਂ ਨੂੰ ਅਮੀਰ ਬਣਾਉਣਾ ਨਹੀਂ ਹੈ, ਸਗੋਂ ਪਰਿਵਾਰ ਅਤੇ ਸਮਾਜ ‘ਚ ਉਨ੍ਹਾਂ ਦੀ ਅਨਮੋਲ ਭੂਮਿਕਾ ਨੂੰ ਸਵੀਕਾਰ ਕਰਨਾ ਅਤੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ।

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵਾਰੀ-ਵਾਰੀ ਪੰਜਾਬ ‘ਤੇ ਰਾਜ ਕੀਤਾ ਹੈ, ਪਰ ਉਨ੍ਹਾਂ ਨੇ ਕਦੇ ਵੀ ਇਸਦੇ ਲੋਕਾਂ ਦੇ ਹਿੱਤਾਂ ਲਈ ਕੰਮ ਨਹੀਂ ਕੀਤਾ। ਰਾਜਨੀਤਿਕ ਪਰਿਵਾਰਾਂ ਨੇ ਮਾਝਾ ਖੇਤਰ ਦਾ ਆਰਥਿਕ ਅਤੇ ਧਾਰਮਿਕ ਤੌਰ ‘ਤੇ ਸ਼ੋਸ਼ਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਮਾਝਾ ਖੇਤਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ, ਅਤੇ ਮੈਨੂੰ ਵਿਸ਼ਵਾਸ ਹੈ ਕਿ ਇਹ ਖੇਤਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਦੇਵੇਗਾ।”

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ ‘ਚ ਅਸਫਲ ਰਿਹਾ ਹੈ। ਸਵਾਲ ਇਹ ਹੈ ਕਿ ਪਿਛਲੇ ਲਗਭਗ 15 ਸਾਲਾਂ ਤੋਂ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ?

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ​​ਕੀਤਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਬੇਅਦਬੀ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ ਹੈ।

Read More: ਪੰਜਾਬ ਰਾਸ਼ਟਰੀ ਪੱਧਰ ਦੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਤਿਆਰ: CM ਭਗਵੰਤ ਮਾਨ

ਵਿਦੇਸ਼

Scroll to Top