ਸ੍ਰੀ ਫਤਿਹਗੜ੍ਹ ਸਾਹਿਬ, 18 ਨਵੰਬਰ 2026: ਫਿਜ਼ੀਓਥੈਰੇਪੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ 17 ਨਵੰਬਰ 2026 ਨੂੰ ਪੰਜਾਬ ਸਟੇਟ ਰੈੱਡ ਕਰਾਸ ਸੋਸਾਇਟੀ ਨਾਲ ਇੱਕ ਐਮਓਯੂ ਦਸਤਖਤ ਸਮਾਗਮ ਅਤੇ ਵਿਦਿਆਰਥੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ।
ਇਹ ਸਮਾਗਮ ਵਾਈਸ-ਚਾਂਸਲਰ ਪ੍ਰੋ. ਡਾ. ਪ੍ਰਿਤਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਡਾ. ਐਸ.ਐਸ. ਬਿਲਿੰਗ ਅਤੇ ਰਜਿਸਟਰਾਰ, ਪ੍ਰੋ. ਡਾ. ਤੇਜਬੀਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਪੰਜਾਬ ਸਟੇਟ ਰੈੱਡ ਕਰਾਸ ਸੋਸਾਇਟੀ ਵਿਚਕਾਰ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕਰਕੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨਾ ਸੀ।
ਇਹ ਪਹਿਲ ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਜ਼ਿੰਮੇਵਾਰੀ ਅਤੇ ਭਾਈਚਾਰਕ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿਹਤ ਅਤੇ ਸਮਾਜ ਭਲਾਈ ਨਾਲ ਸਬੰਧਤ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦਾ ਉਦੇਸ਼ ਰੱਖਦੀ ਹੈ। ਇਸ ਪ੍ਰੋਗਰਾਮ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਲੋਕ- ਸੇਵਾ, ਲੋਕਾਂ ਦੀ ਸਿਹਤ ਦੀ ਸੰਭਾਲ, ਆਫ਼ਤਾਂ ਸਮੇਂ ਲੋੜਵੰਦਾਂ ਦੀ ਮੱਦਦ ਅਤੇ ਸਮਾਜ ਦੀ ਭਲਾਈ ਲਈ ਰੈੱਡ ਕਰਾਸ ਵੱਲੋਂ ਕੀਤੇ ਜਾਂਦੇ ਕਾਰਜਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਪ੍ਰੋਗਰਾਮ ‘ਚ ਸ਼ਿਵਦੁਲਾਰ ਸਿੰਘ ਢਿੱਲੋਂ (ਆਈ.ਏ.ਐਸ. ਸੇਵਾਮੁਕਤ), ਮੁੱਖ ਕਾਰਜਕਾਰੀ, ਪੰਜਾਬ ਰਾਜ ਰੈੱਡ ਕਰਾਸ, ਸਰੋਤ ਵਿਅਕਤੀ ਵਜੋਂ ਸ਼ਾਮਲ ਹੋਏ। ਆਪਣੇ ਜਾਣਕਾਰੀ ਭਰਪੂਰ ਸੈਸ਼ਨ ਦੌਰਾਨ, ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੈੱਡ ਕਰਾਸ ਅਤੇ ਰੈੱਡ ਕ੍ਰੀਸੈਂਟ ਲਹਿਰ ਦੇ ਕੰਮ ਕਰਨ ਦੇ ਤਰੀਕੇ ਅਤੇ ਇਸ ਦੇ ਸੰਗਠਨ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਫੈਡਰੇਸ਼ਨ ਆਫ਼ ਰੈੱਡ ਕਰਾਸ ਐਂਡ ਰੈੱਡ ਕ੍ਰੀਸੈਂਟ ਸੋਸਾਇਟੀਜ਼ (ਆਈ.ਐਫ.ਆਰ.ਸੀ.) ਦਾ ਮੁੱਖ ਦਫਤਰ ਜੇਨੇਵਾ, ਸਵਿਟਜ਼ਰਲੈਂਡ ‘ਚ ਹੈ। ਉਨ੍ਹਾਂ ਨੇ ਭਾਰਤੀ ਰੈੱਡ ਕਰਾਸ ਸੋਸਾਇਟੀ ਦੇ ਪ੍ਰਸ਼ਾਸਕੀ ਢਾਂਚੇ ਬਾਰੇ ਹੋਰ ਵਿਸਥਾਰ ਵਿੱਚ ਦੱਸਿਆ, ਰਾਸ਼ਟਰੀ, ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਇਸਦੇ ਕੰਮਕਾਜ ਬਾਰੇ ਦੱਸਿਆ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਦੇ ਰਾਸ਼ਟਰਪਤੀ ਰਾਸ਼ਟਰੀ ਸੰਗਠਨ ਦੇ ਮੁਖੀ ਹੁੰਦੇ ਹਨ, ਜਦੋਂ ਕਿ ਸਬੰਧਤ ਰਾਜਪਾਲ ਰਾਜ ਸ਼ਾਖਾਵਾਂ ਦੇ ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਹਨ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਾਖਾਵਾਂ ਦੇ ਮੁਖੀ ਹੁੰਦੇ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਰੈੱਡ ਕਰਾਸ ਸ਼ਾਖਾ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਲੋੜੀਂਦੀ ਸਿਖਲਾਈ ਦੇਣ ‘ਚ ਕਿਵੇਂ ਮੱਦਦ ਕਰਦੀ ਹੈ। ਖਾਸ ਤੌਰ ‘ਤੇ, ਉਨ੍ਹਾਂ ਨੇ ਰੈੱਡ ਕਰਾਸ ਦੁਆਰਾ ਕਰਵਾਏ ਗਏ 16 ਘੰਟੇ ਦੇ ਫਸਟ ਏਡ ਸਿਖਲਾਈ ਪ੍ਰੋਗਰਾਮ ‘ਤੇ ਚਾਨਣਾ ਪਾਇਆ, ਜਿਸ ਤੋਂ ਬਾਅਦ ਭਾਗੀਦਾਰਾਂ ਨੂੰ ਪ੍ਰੀਖਿਆ ਲਈ ਹਾਜ਼ਰ ਹੋਣਾ ਜ਼ਰੂਰੀ ਹੁੰਦਾ ਹੈ।
ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਰੈੱਡ ਕਰਾਸ ਨੈੱਟਵਰਕ ਦੀ ਅੰਤਰਰਾਸ਼ਟਰੀ ਪਹੁੰਚ ਅਤੇ ਮੁੱਢਲੀ ਸਹਾਇਤਾ ਦੇ ਗਿਆਨ ਅਤੇ ਐਮਰਜੈਂਸੀ ਤਿਆਰੀ ਨੂੰ ਉਤਸ਼ਾਹਿਤ ਕਰਨ ਵਿੱਚ ਇਸਦੇ ਸਿਖਲਾਈ ਪ੍ਰੋਗਰਾਮਾਂ ਦੀ ਵਿਆਪਕ ਮਾਨਤਾ ਅਤੇ ਸਾਰਥਕਤਾ ‘ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ, ਸ਼ਿਵਦੁਲਾਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਕਰਨ, ਆਪਣੀ ਇੱਛਾ ਨਾਲ ਸਮਾਜਿਕ ਕੰਮਾਂ ‘ਚ ਹਿੱਸਾ ਲੈਣ ਅਤੇ ਸਮਾਜ ਦੀਆਂ ਲੋੜਾਂ ਨੂੰ ਪੂਰਾ ਕਰਨ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੈੱਡ ਕਰਾਸ ਦੇ ਉਦੇਸ਼ਾਂ ਅਤੇ ਇਸ ਵੱਲੋਂ ਕੀਤੇ ਜਾਂਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਕੀਤੇ ਜਾਂਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਪ੍ਰੋਗਰਾਮ ‘ਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗੱਲਬਾਤ ਰਾਹੀਂ ਵਿਦਿਆਰਥੀਆਂ ਨੂੰ ਇਹ ਸਮਝਣ ਦਾ ਮੌਕਾ ਮਿਲਿਆ ਕਿ ਰੈੱਡ ਕਰਾਸ ਵਰਗੀਆਂ ਸੰਸਥਾਵਾਂ ਸਮਾਜ ਦੀ ਮੱਦਦ ਕਰਨ ਅਤੇ ਇੱਕ ਹਮਦਰਦ ਤੇ ਜ਼ਿੰਮੇਵਾਰ ਸਮਾਜ ਬਣਾਉਣ ‘ਚ ਕਿੰਨੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਡਾ. ਪੰਕਜਪ੍ਰੀਤ ਸਿੰਘ, ਡੀਨ, ਫੈਕਲਟੀ ਆਫ਼ ਅਲਾਈਡ ਐਂਡ ਹੈਲਥਕੇਅਰ ਸਾਇੰਸਜ਼, ਅਤੇ ਡਾ. ਸੁਪ੍ਰੀਤ ਬਿੰਦਰਾ, ਮੁਖੀ, ਫਿਜ਼ੀਓਥੈਰੇਪੀ ਵਿਭਾਗ, ਨੇ ਪ੍ਰੋਗਰਾਮ ਦੇ ਸਫਲ ਸੰਗਠਨ ਨੂੰ ਸੁਚਾਰੂ ਬਣਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾਈ। ਇਹ ਉਪਰਾਲਾ ਯੂਨੀਵਰਸਿਟੀ ਵੱਲੋਂ ਵੱਖ-ਵੱਖ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ, ਸਮਾਜ ਨਾਲ ਜੁੜਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਵਾਲੇ ਸਿਹਤ ਸੰਭਾਲ ਪੇਸ਼ੇਵਰ ਤਿਆਰ ਕਰਨ ਦੇ ਯਤਨਾਂ ਨੂੰ ਦਰਸਾਉਂਦਾ ਹੈ।
ਇਹ ਪ੍ਰੋਗਰਾਮ ਯੂਨੀਵਰਸਿਟੀ ਅਤੇ ਰੈੱਡ ਕਰਾਸ ਸੋਸਾਇਟੀ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਨੁੱਖਤਾ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕਰਨ ‘ਤੇ ਜ਼ੋਰ ਦੇ ਨਾਲ ਸਮਾਪਤ ਹੋਇਆ।
Read More: AAP ਵੱਲੋਂ ਪਟਿਆਲਾ ਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ




