ਮੋਹਾਲੀ, 23 ਨਵੰਬਰ 2026: ਸਮਾਜ ‘ਚ ਵਧ ਰਹੀ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ‘ਚ ਜਾਗਰੂਕਤਾ ਫੈਲਾਉਣ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸੈਕਟਰ 78, ਮੋਹਾਲੀ ਵੱਲੋਂ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਅਤੇ ਨਸ਼ਾ ਵਿਰੋਧੀ ਮੁਹਿੰਮ ਕਰਵਾਈ।
ਇਸ ਰੈਲੀ ਨੂੰ ਸੰਪੂਰਨਾਨੰਦ ਬ੍ਰਹਮਚਾਰੀ ਜੀ, ਅੰਮ੍ਰਿਤੇਸ਼ਵਰ ਮਹਾਦੇਵ ਮੰਦਰ, ਸੈਕਟਰ-89, ਮੋਹਾਲੀ ਅਤੇ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ, ਸੰਗੀਤਾ ਰਾਣੀ ਅਤੇ ਕਾਰਤਿਕ ਅਗਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਵਿਸ਼ਾਲ ਰੈਲੀ ਦੀ ਸ਼ੁਰੂਆਤ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸੈਕਟਰ 78, ਮੋਹਾਲੀ ਦੇ ਕੈਂਪਸ ਤੋਂ ਹੋਈ, ਜੋ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦੀ ਹੋਈ ਸੈਕਟਰ-70 ਦੀਆਂ ਲਾਈਟਾਂ ਤੱਕ ਕੱਢੀ ਗਈ।
ਰੈਲੀ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਪ੍ਰੇਰਨਾਦਾਇਕ ਨਾਅਰਿਆਂ, ਪੋਸਟਰਾਂ ਅਤੇ ਬੈਨਰਾਂ ਨਾਲ ਕੀਤੀ ਗਈ। ਵਿਦਿਆਰਥੀਆਂ ਦੇ ਹੱਥਾਂ ‘ਚ ਫੜੇ ਪੋਸਟਰਾਂ ਅਤੇ ਬੈਨਰਾਂ ‘ਤੇ “ਸਾਥੀਓ ਜਾਗੋ, ਨਸ਼ਾ ਤਿਆਗੋ”, “ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ” ਅਤੇ “ਨਸ਼ਾ-ਮੁਕਤ ਨੌਜਵਾਨ, ਸਿਹਤਮੰਦ ਰਾਸ਼ਟਰ” ਵਰਗੇ ਪ੍ਰਭਾਵਸ਼ਾਲੀ ਅਤੇ ਸਾਰਥਕ ਸੰਦੇਸ਼ ਲਿਖੇ ਹੋਏ ਸਨ, ਜਿਨ੍ਹਾਂ ਨੇ ਰਾਹਗੀਰਾਂ ਦਾ ਧਿਆਨ ਆਪਣੇ ਵੱਲ ਖਿੱਚਿਆ।
ਰੈਲੀ ਦੇ ਨਾਲ-ਨਾਲ ਇਸ ਪ੍ਰੋਗਰਾਮ ਵਿੱਚ ਇੱਕ ਵਿਸ਼ੇਸ਼ ਅਤੇ ਜਾਣਕਾਰੀ ਭਰਪੂਰ ਸੈਸ਼ਨ ਵੀ ਕਰਵਾਇਆ ਗਿਆ, ਜਿਸ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਅਕਾਲੀ ਦਲ ਮੋਹਾਲੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਸਰਪੰਚ, ਸੀਨੀਅਰ ਭਾਜਪਾ ਆਗੂ ਹਰਦੇਵ ਸਿੰਘ ਉੱਬਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸਾਬਕਾ ਕੌਂਸਲਰ ਅਸ਼ੋਕ ਝਾਅ ਅਤੇ ਸ਼ੈਲੇਂਦਰ ਆਨੰਦ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਿੰਸੀਪਲ ਡਾ. ਵਿਸ਼ਾਲ ਦੀਪ, ਡਾ. ਮਨਦੀਪ ਕੌਰ, ਪ੍ਰੋਫੈਸਰ ਕ੍ਰਿਤਿਕਾ ਸ਼ਰਮਾ ਅਤੇ ਡਾ. ਬਲਦੀਪ ਕੌਰ , ਪ੍ਰੋ.ਰੀਨਾ ਪਾਲ , ਪ੍ਰੋ. ਮਨਪ੍ਰੀਤ ਕੌਪ ਅਤੇ ਪ੍ਰੋ. ਪ੍ਰਤਿਭਾ ਨੇ ਨਸ਼ਿਆਂ ਦੇ ਘਾਤਕ ਸਰੀਰਕ, ਮਾਨਸਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦਾ ਜੀਵਨ ਬਰਬਾਦ ਕਰਦਾ ਹੈ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਖੋਖਲਾ ਕਰ ਦਿੰਦਾ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਜ਼ਿੰਦਗੀ ‘ਚ ਸਕਾਰਾਤਮਕ ਫੈਸਲੇ ਲੈਣ ਅਤੇ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਸਮਾਜ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ। ਵਿਦਿਆਰਥੀਆਂ ਨੇ ਵੀ ਇਸ ਰੈਲੀ ‘ਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਮ ਲੋਕਾਂ ਨੂੰ ਨਸ਼ੇ ਦੀ ਲਤ ਦੇ ਗੰਭੀਰ ਨਤੀਜਿਆਂ ਬਾਰੇ ਸੁਚੇਤ ਹੋਣ ਲਈ ਪ੍ਰੇਰਿਤ ਕੀਤਾ।
ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ‘ਚ ਪਾਏ ਗਏ ਕੀਮਤੀ ਯੋਗਦਾਨ ਅਤੇ ਸਹਿਯੋਗ ਲਈ ਆਏ ਹੋਏ ਮਹਿਮਾਨਾਂ ਅਤੇ ਭਾਗੀਦਾਰਾਂ ਨੂੰ ਸਨਮਾਨਿਤ ਕਰਨ ਵਾਸਤੇ ਇੱਕ ਵਿਸ਼ੇਸ਼ ਸਨਮਾਨ ਸਮਾਗਮ ਵੀ ਕੀਤਾ ਗਿਆ। ਇਸ ਦੌਰਾਨ ਸੰਸਥਾ ਵੱਲੋਂ ਮਹਿਮਾਨਾਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਵਜੋਂ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਪ੍ਰੋਗਰਾਮ ਦੀ ਸਮਾਪਤੀ ਮੌਕੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਡਟਣ ਅਤੇ ਇੱਕ ਸਿਹਤਮੰਦ, ਸੁਰੱਖਿਅਤ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ‘ਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ।
ਅੰਤ ‘ਚ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਮੈਨੇਜਮੈਂਟ ਵੱਲੋਂ ਇਸ ਸਮਾਜਿਕ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਫਲ ਬਣਾਉਣ ‘ਚ ਦਿੱਤੇ ਗਏ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਸੰਸਥਾ ਦੇ ਚੇਅਰਮੈਨ ਸੁੰਦਰਲਾਲ ਅਗਰਵਾਲ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਿਰਫ਼ ਕਿਸੇ ਇੱਕ ਸੰਸਥਾ, ਸਰਕਾਰ ਜਾਂ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਇਸ ਨੇਕ ਮੁਹਿੰਮ ‘ਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਪੁਰਜ਼ੋਰ ਅਪੀਲ ਕੀਤੀ।
Read More: ਯੂਥ ਕਾਂਗਰਸ ਆਗੂਆਂ ਵੱਲੋਂ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ, ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ




