ਮੋਗਾ, 24 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦਰਮਿਆਨ ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ‘ਖੁਸ਼ਹਾਲ ਪੰਜਾਬ ਰੈਲੀ’ ਕਰਵਾਈ ਜਾ ਰਹੀ ਹੈ। ਇਸ ਰੈਲੀ ਨੂੰ ਲੈ ਕੇ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਪਿੰਡ ਨੱਥੂਵਾਲਾ ਜਦੀਦ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਵਾਲੀ ਥਾਂ ‘ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਪ੍ਰਬੰਧਕ ਟੀਮਾਂ ਨਾਲ ਗੱਲਬਾਤ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਰੈਲੀ ਪੰਜਾਬ ਲਈ ਇਤਿਹਾਸਕ ਸਾਬਤ ਹੋਵੇਗੀ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ ਅਤੇ ਲੋਕਾਂ ਨੂੰ ਸੰਬੋਧਨ ਕਰਨਗੇ।ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਅਜਿਹੇ ਵਿਕਾਸ ਕਾਰਜ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੌਰਾਨ ਨਹੀਂ ਕਰ ਸਕੀਆਂ।
ਇਸ ਮੌਕੇ ਕੈਬਨਿਟ ਮੰਤਰੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਕਾਰਵਾਈਆਂ ਨੂੰ ਲੈ ਕੇ ਵੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਇਨ੍ਹਾਂ ਕਾਰਵਾਈਆਂ ਨੂੰ ਬਦਲੇ ਦੀ ਰਾਜਨੀਤੀ ਕਰਾਰ ਦਿੱਤਾ।ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਜੇਕਰ ਕੇਂਦਰੀ ਏਜੰਸੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਤਿੰਨ, ਚਾਰ ਜਾਂ ਪੰਜ ਸਾਲ ਪਹਿਲਾਂ ਕੀਤੀਆਂ ਜਾਂਦੀਆਂ ਤਾਂ ਉਨ੍ਹਾਂ ਦਾ ਕੋਈ ਕਾਰਨ ਸਮਝ ਆਉਂਦਾ, ਪਰ ਚੋਣਾਂ ਤੋਂ ਮਹਿਜ਼ ਦੋ ਮਹੀਨੇ ਪਹਿਲਾਂ ਏਜੰਸੀਆਂ ਦੀ ਸਰਗਰਮੀ ਵਧਣਾ ਸਿਆਸੀ ਬਦਲੇ ਦੀ ਭਾਵਨਾ ਨੂੰ ਦਰਸਾਉਂਦਾ ਹੈ।
ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦੀ ਵਰਤੋਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਪਣਾਇਆ ਗਿਆ ਇਹੋ ਤਰੀਕਾ ਹੁਣ ਪੰਜਾਬ ਵਿੱਚ ਵੀ ਦੁਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਲਾਂਕਿ, ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਕੁੱਲ ਮਿਲਾ ਕੇ, ਮੋਗਾ ਵਿੱਚ ਹੋਣ ਜਾ ਰਹੀ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਈ ਅਹਿਮ ਸਿਆਸੀ ਇਕੱਠ ਮੰਨੀ ਜਾ ਰਹੀ ਹੈ। ਇਸ ਰਾਹੀਂ ਪਾਰਟੀ ਜਿੱਥੇ ਆਪਣੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖੇਗੀ, ਉੱਥੇ ਹੀ ਆਉਣ ਵਾਲੀਆਂ ਚੋਣਾਂ ਲਈ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਵੀ ਕਰੇਗੀ।
READ MORE : ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ!




