ਚੰਡੀਗੜ੍ਹ, 24 ਨਵੰਬਰ 2026: ਪੰਜਾਬ ਵਿੱਚ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਹੋਏ ਗੱਠਜੋੜ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਦੋਵਾਂ ਪਾਰਟੀਆਂ ਦੇ ਇਸ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਇਸ ਗੱਠਜੋੜ ਨੂੰ ਸਿਆਸੀ ਮੌਕਾਪ੍ਰਸਤੀ ਕਰਾਰ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਹੈ।
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਅਕਾਲੀ ਦਲ ਅਤੇ ਭਾਜਪਾ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰ ਰਹੀਆਂ ਸਨ ਅਤੇ ਲੋਕਾਂ ਸਾਹਮਣੇ ਵੱਖੋ-ਵੱਖਰੇ ਸਿਆਸੀ ਰੁਖ਼ ਪੇਸ਼ ਕਰ ਰਹੀਆਂ ਸਨ। ਪਰ ਹੁਣ ਮੁੜ ਇਕੱਠੇ ਹੋਣ ਨਾਲ ਦੋਵਾਂ ਪਾਰਟੀਆਂ ਦੀ ਅਸਲੀ ਸਿਆਸਤ ਸਾਹਮਣੇ ਆ ਗਈ ਹੈ।
ਕਾਂਗਰਸੀ ਆਗੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਦਿਆਂ ਪੁੱਛਿਆ ਕਿ ਜਿਹੜੀ ਭਾਜਪਾ ਨੂੰ ਪਹਿਲਾਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਦੱਸਿਆ ਜਾਂਦਾ ਸੀ, ਉਹ ਹੁਣ ਅਚਾਨਕ ਸਿੱਖਾਂ ਅਤੇ ਪੰਜਾਬ ਦੀ ਹਿਤੈਸ਼ੀ ਕਿਵੇਂ ਬਣ ਗਈ? ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ’ਤੇ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਰਗੀਆਂ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਦੇ ਦੋਸ਼ ਲਗਾਏ ਜਾਂਦੇ ਸਨ, ਪਰ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰ ਲਿਆ ਗਿਆ ਹੈ।
ਸਿੱਧੂ ਨੇ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਥਾਂ ਦਿਵਾਉਣ ਅਤੇ ਸੱਤਾ ਦੀ ਲਾਲਸਾ ਕਾਰਨ ਕਿਸਾਨ ਅੰਦੋਲਨ ਦੌਰਾਨ 700 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਜੇ ਤੱਕ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਨਹੀਂ ਮਿਲੀ। ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਵਰਗੇ ਅਹਿਮ ਮਸਲੇ ਵੀ ਹੱਲ ਨਹੀਂ ਹੋਏ। ਅਜਿਹੇ ਵਿੱਚ ਸਵਾਲ ਇਹ ਹੈ ਕਿ ਭਾਜਪਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਕੀ ਇਨ੍ਹਾਂ ਮੁੱਦਿਆਂ ’ਤੇ ਕੋਈ ਸਹਿਮਤੀ ਬਣੀ ਹੈ?
ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਬੁਨਿਆਦੀ ਹੱਕਾਂ ਦਾ ਮੁੱਦਾ ਚੁੱਕਦਿਆਂ ਪੁੱਛਿਆ ਕਿ ਕੀ ਭਾਜਪਾ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ, ਰਿਪੇਰੀਅਨ ਸਿਧਾਂਤ ਅਨੁਸਾਰ ਪੰਜਾਬ ਦੇ ਪਾਣੀਆਂ ਦਾ ਹੱਕ ਦੇਣ, ਬੀਬੀਐਮਬੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਸਬੰਧੀ ਆਪਣਾ ਰੁਖ਼ ਬਦਲ ਲਿਆ ਹੈ? ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੁੱਦਿਆਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਅਜਿਹੇ ਗੱਠਜੋੜਾਂ ਦੀ ਸਿਆਸੀ ਭਰੋਸੇਯੋਗਤਾ ’ਤੇ ਸਵਾਲ ਉੱਠਦੇ ਰਹਿਣਗੇ।
ਸਾਬਕਾ ਮੰਤਰੀ ਨੇ ਭਾਜਪਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੇ ਦਾਅਵੇ ਕੀਤੇ ਗਏ ਸਨ। ਪਰ ਹੁਣ ਪਾਰਟੀ ਨੂੰ ਮੁੜ ਅਕਾਲੀ ਦਲ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਅੰਦਰੂਨੀ ਸਰਵੇਖਣਾਂ ਵਿੱਚ ਸਿਆਸੀ ਹਾਲਾਤ ਆਪਣੇ ਹੱਕ ਵਿੱਚ ਨਾ ਦਿਖਾਈ ਦੇਣ ਕਾਰਨ ਇਹ ਫ਼ੈਸਲਾ ਲੈਣਾ ਪਿਆ ਹੈ।
ਉਨ੍ਹਾਂ ਅਕਾਲੀ ਦਲ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਨਾਲ ਗੱਠਜੋੜ ਕਰਨ ਵਾਲੀਆਂ ਕਈ ਖੇਤਰੀ ਪਾਰਟੀਆਂ ਨੂੰ ਪਹਿਲਾਂ ਸਿਆਸੀ ਨੁਕਸਾਨ ਝੱਲਣਾ ਪਿਆ ਹੈ। ਇਸ ਲਈ ਇਹ ਗੱਠਜੋੜ ਅਕਾਲੀ ਦਲ ਲਈ ਵੀ ਸਿਆਸੀ ਤੌਰ ’ਤੇ ਘਾਤਕ ਸਾਬਤ ਹੋ ਸਕਦਾ ਹੈ।
READ MORE : ਰਜਿਸਟ੍ਰੇਸ਼ਨ ’ਤੇ ਅੜੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਪਾਰਟੀ, ਮਨਪ੍ਰੀਤ ਇਆਲੀ ਨੇ ਕੱਸਿਆਂ ਸਰਕਾਰਾ ਤੇ ਤੰਜ਼




