ਪੰਜਾਬ ਸਿੱਖਿਆ ਕ੍ਰਾਂਤੀ

‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਪੰਜਾਬ ‘ਚ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਅਤੇ ਰੁਜ਼ਗਾਰ-ਮੁਖੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਸੂਬੇ ਦੀ ਨਵੀਂ ਪਛਾਣ ਬਣ ਗਈ ਹੈ। ਸਰਕਾਰ ਸੂਬੇ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਆਕਾਰ ਦੇਣ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰਨ ਵੱਲ ਇਤਿਹਾਸਕ ਕਦਮ ਚੁੱਕ ਰਹੀ ਹੈ।

ਮਾਨ ਸਰਕਾਰ ਨੇ ਇਸ ਪਹਿਲਕਦਮੀ ਤਹਿਤ ਸੂਬੇ ਦੇ ਸਿੱਖਿਆ ਖੇਤਰ ‘ਚ ਵੱਡੇ ਸੁਧਾਰ ਕੀਤੇ ਹਨ, ਜਿਸਦੇ ਸਦਕਾ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਅਯੋਗ ਦੀ ਸਿੱਖਿਆ ਗੁਣਵੱਤਾ ਰਿਪੋਰਟ 2026 ਮੁਤਾਬਕ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਵਰਗੇ ਸੂਬਿਆਂ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਮੱਲਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੀਆਂ ਬੋਰਡ ਪ੍ਰੀਖਿਆਵਾਂ ‘ਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ‘ਚ ਸੁਧਾਰ ਲਿਆਉਣ ਲਈ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਸਰਕਾਰ ਨੇ ਸੂਬੇ ਭਰ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 118 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਹਨ। ਇਸਦੇ ਨਾਲ ਹੀ 16,348 ਸਕੂਲਾਂ ‘ਚ ਵਾਈ-ਫਾਈ ਸਹੂਲਤ, ਖੇਡ ਮੈਦਾਨ, ਲਾਇਬ੍ਰੇਰੀਆਂ, ਸਮਾਰਟ ਕਲਾਸਰੂਮ ਅਤੇ ਕੰਪਿਊਟਰ ਲੈਬਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸਤੋਂ ਇਲਾਵਾ ਸਰਕਾਰੀ ਸਕੂਲ ਦੀਆਂ ਵਿਦਿਆਰਥਣਾ ਨੂੰ ਮੁਫ਼ਤ ਬੱਸ ਸੇਵਾ ਮਿਲ ਰਹੀ ਹੈ।

ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਕੋਚਿੰਗ ਦੀ ਸਹੂਲਤ ਪ੍ਰਦਾਨ ਕਰ ਰਹੀ ਅਤੇ ਇਸ ਸਾਲ 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮੁਤਾਬਕ ਪਿਛਲੇ ਚਾਰ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੇ 786 ਵਿਦਿਆਰਥੀਆਂ ਨੇ ਜੇ.ਈ.ਈ. ਅਤੇ 2,166 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।

ਮਾਨ ਸਰਕਾਰ ਨੇ 2,300 ਕਰੋੜ ਰੁਪਏ ਪੰਜਾਬ ਦੇ ਸਿੱਖਿਆ ਢਾਂਚੇ ‘ਚ ਸੁਧਾਰ ਲਈ ਖਰਚ ਕੀਤੇ ਹਨ। ਸੂਬੇ ਦੇ 5,012 ਸਕੂਲਾਂ ਨੂੰ ਉੱਨਤ ਕੰਪਿਊਟਰ ਲੈਬਾਂ ਨਾਲ ਅਪਗ੍ਰੇਡ ਕੀਤਾ ਅਤੇ 9,000 ਨਵੇਂ ਕਲਾਸਰੂਮ ਬਣਾਏ ਗਏ ਹਨ। ਸਰਕਾਰ ਨੇ ਸਕੂਲਾਂ ‘ਚ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ 1,316 ਸੁਰੱਖਿਆ ਗਾਰਡ, 1,917 ਕੈਂਪਸ ਮੈਨੇਜਰ, 7,113 ਸਫ਼ਾਈ ਕਰਮਚਾਰੀ ਅਤੇ 1,785 ਚੌਕੀਦਾਰ ਤਾਇਨਾਤ ਕੀਤੇ ਹਨ। ਇਸਦੇ ਨਾਲ ਹੀ ਹੁਣ ਤੱਕ 16000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਸਕੂਲਾਂ ‘ਚ ‘ਬਿਜ਼ਨਸ ਬਲਾਸਟਰ’ ਅਤੇ ‘ਮਾਪੇ-ਅਧਿਆਪਕ ਮਿਲਣੀ’ ਪ੍ਰੋਗਰਾਮਾਂ ਨੇ ਸਿੱਖਿਆ ਖੇਤਰ ‘ਚ ਅਹਿਮ ਬਦਲਾਅ ਲਿਆਂਦਾ ਹੈ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਸਿਖਲਾਈ ਹੁਨਰ ਨੂੰ ਹੋਰ ਵੀ ਨਿਖ਼ਾਰਨ ਲਈ ਵੱਖ-ਵੱਖ ਬੈਚਾਂ ‘ਚ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮ. ਅਹਿਮਦਾਬਾਦ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ‘ਚ ਅਹਿਮ ਯੋਗਦਾਨ ਪਾਉਣ ਵਾਲੇ 50 ਅਧਿਆਪਕਾਂ ਨੂੰ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਨ੍ਹਾਂ ‘ਚ 21 ਪ੍ਰਾਇਮਰੀ ਅਤੇ 29 ਸੈਕੰਡਰੀ ਸਕੂਲ ਦੇ ਅਧਿਆਪਕ ਸ਼ਾਮਲ ਹਨ।

ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ’ ‘ਚ ਸੋਧ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਕੇ ਨਿੱਜੀ ਸਕੂਲਾਂ ਵੱਲੋਂ ਫ਼ੀਸ ਵਾਧੇ ‘ਤੇ ਲਗਾਮ ਲਗਾਈ ਹੈ। ਜਿਸ ਨਾਲ ਸੂਬੇ ਦੇ ਪ੍ਰਾਈਵੇਟ ਸਕੂਲਾਂ ਲਈ ਫ਼ੀਸ ਵਾਧਾ 5 ਫ਼ੀਸਦੀ ‘ਤੇ ਸੀਮਿਤ ਕਰ ਦਿੱਤਾ ਹੈ। ਮਾਨ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਵਿਦਿਆਰਥੀਆਂ ਤੱਕ ਸੀਮਤ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਅਧਿਆਪਕਾਂ ਲਈ ਵੀ ਹੈ।

Read More: ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਲੱਖਾਂ ਬਜ਼ੁਰਗਾਂ ਦੇ ਸੁਪਨੇ ਹੋਏ ਸਾਕਾਰ

ਵਿਦੇਸ਼

Scroll to Top