29 ਨਵੰਬਰ 2026 :ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਦਾ ਅਸਰ ਹੌਲੀ-ਹੌਲੀ ਵਧਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਅੱਜ (29 ਨਵੰਬਰ) ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਅੱਜ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦਾ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਠੰਡ ਦਾ ਅਸਰ ਬਣਿਆ ਹੋਇਆ ਹੈ। ਲੁਧਿਆਣਾ 7.4 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ।
ਇਨ੍ਹਾਂ 13 ਜ਼ਿਲ੍ਹਿਆਂ ‘ਚ ਰਹੇਗੀ ਧੁੰਦ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ ਅਤੇ ਨਵਾਂਸ਼ਹਿਰ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੌਰਾਨ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਦਸੰਬਰ ਦੇ ਪਹਿਲੇ ਹਫ਼ਤੇ ਬਦਲ ਸਕਦਾ ਹੈ ਪਹਾੜਾਂ ਦਾ ਮੌਸਮ
ਫਿਲਹਾਲ ਪੰਜਾਬ ਵਿੱਚ ਠੰਡੀਆਂ ਅਤੇ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 2 ਦਸੰਬਰ ਦੀ ਰਾਤ ਤੋਂ ਇੱਕ ਨਵੀਂ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਕਾਰਨ 3 ਅਤੇ 4 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ, ਇਸ ਮੌਸਮੀ ਬਦਲਾਅ ਦਾ ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਮੀਂਹ ਦੇ ਰੂਪ ਵਿੱਚ ਕੋਈ ਅਸਰ ਪੈਣ ਦੀ ਉਮੀਦ ਨਹੀਂ ਹੈ। ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਵੀ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਜਤਾਈ ਗਈ।
5 ਦਸੰਬਰ ਤੋਂ ਬਾਅਦ ਵਧੇਗੀ ਠੰਡ ਅਤੇ ਧੁੰਦ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 5 ਤੋਂ 7 ਦਸੰਬਰ ਦੇ ਵਿਚਕਾਰ ਇੱਕ ਹੋਰ ਪੱਛਮੀ ਗੜਬੜੀ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 8 ਦਸੰਬਰ ਤੋਂ ਪਹਾੜਾਂ ਵੱਲੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।
ਇਸ ਕਾਰਨ ਸੂਬੇ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਨਾਲ-ਨਾਲ ਠੰਡ ਹੋਰ ਵਧ ਸਕਦੀ ਹੈ। ਦਸੰਬਰ ਦੇ ਦੂਜੇ ਹਫ਼ਤੇ ਤੋਂ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਪੈਣ ਦੇ ਆਸਾਰ ਹਨ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਸਵੇਰੇ ਅਤੇ ਰਾਤ ਸਮੇਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਲੋੜ ਹੈ।
READ MORE : ਬਲੈਕਆਉਟ ਮੌਕ ਡ੍ਰਿਲ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ, ਲੋਕ ਕਰਦੇ ਰਹੇ ਇੰਤਜ਼ਾਰ; ਪ੍ਰਸ਼ਾਸਨ ਵੱਲੋਂ ਨਹੀਂ ਹੋਈ ਕੋਈ ਕਾਰਵਾਈ




