Ram Rahim

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਵਿਰੋਧ

ਚੰਡੀਗੜ੍ਹ 17 ਜੂਨ 2022: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਅੱਜ ਮੁੜ ਇਕ ਮਹੀਨੇ ਦੀ ਪੈਰੋਲ ‘ਤੇ ਬਾਹਰ ਆਏ ਹਨ। ਡੇਰਾ ਮੁਖੀ ਨੂੰ ਦਿੱਤੀ ਇਸ ਪੈਰੋਲ ‘ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ ਜਤਾਇਆ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡੇਰਾ ਮੁਖੀ ਨੂੰ ਹਰਿਆਣਾ ਸਰਕਾਰ ਵਲੋਂ ਇਕ ਮਹੀਨੇ ਦੀ ਪੈਰੋਲ ਦੇਣ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਣ ਵਾਲਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਸਿੱਖ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਤੋਂ ਬਾਹਰ ਨਹੀਂ ਲਿਆ ਰਹੀਆਂ, ਪਰ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਜੋ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ,ਉਨ੍ਹਾਂ ਨੂੰ ਮੁੜ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ।

ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੁਆਰਾ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ । ਸਿੱਖ ਸੰਸਥਾਵਾਂ ਵਲੋਂ ਇਸ ਮੁਦੇ ਨੂੰ ਵਾਰ-ਵਾਰ ਉਠਾਉਣ ‘ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸੰਬੰਧ ਜੁੜਦਾ ਹੈ ਅਤੇ ਇਹ ਸ਼ਖ਼ਸ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਦਾ ਕਾਤਲ ਹੈ ਤੇ ਸਰਕਾਰਾਂ ਸਦਾ ਮੇਹਰਬਾਨ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ।

ਇਸਦੇ ਨਾਲ ਹੀ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਰਾਜਨੀਤੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਸੰਗਰੂਰ ਚੋਣ ਸਮੇਂ ਲਾਹਾ ਲੈਣ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Scroll to Top