ਚੰਡੀਗੜ੍ਹ 23 ਅਗਸਤ 2022: ਅਮਰੀਕਾ (America) ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਕਿਸਤਾਨ ਦੀ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦਾ। ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਅੱਤਵਾਦ ਦੇ ਕਥਿਤ ਦੋਸ਼ ਲੱਗੇ ਹਨ। ਜਦੋਂ ਇਸ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਵਿੱਚ ਸ਼ਾਂਤਮਈ ਢੰਗ ਨਾਲ ਲੋਕਤਾਂਤਰਿਕ, ਸੰਵਿਧਾਨਕ ਅਤੇ ਕਾਨੂੰਨੀ ਸਿਧਾਂਤਾਂ ਦੀ ਪਾਲਣਾ ਦਾ ਸਮਰਥਨ ਕਰਦੇ ਹਨ।
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) (69) ਦੇ ਖਿਲਾਫ ਅੱਤਵਾਦ ਵਿਰੋਧੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ ਇਨ੍ਹਾਂ ਦੋਸ਼ਾਂ ਵਿਰੁੱਧ ਇਸਲਾਮਾਬਾਦ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਉਹ ਇਮਰਾਨ ‘ਤੇ ਲੱਗੇ ਦੋਸ਼ਾਂ ਤੋਂ ਜਾਣੂ ਹਨ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹਨਾਂ ਨਾਲ ਪਾਕਿਸਤਾਨ ਦੇ ਕਾਨੂੰਨੀ ਅਤੇ ਨਿਆਂਇਕ ਪ੍ਰਣਾਲੀਆਂ ਨੂੰ ਖੁਦ ਨਜਿੱਠਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਅਮਰੀਕਾ ਦਾ ਮੁੱਦਾ ਨਹੀਂ ਹੈ, ਕਿਉਂਕਿ ਸਾਡਾ ਕਿਸੇ ਸਿਆਸੀ ਪਾਰਟੀ ਜਾਂ ਵਿਅਕਤੀ ਨਾਲ ਕੋਈ ਸਬੰਧ ਨਹੀਂ ਹੈ।