ਚੰਡੀਗੜ੍ਹ 06 ਸਤੰਬਰ 2022: ਲਖੀਮਪੁਰ ਖੇੜੀ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ (Ashish Mishra) ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਆਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੈ ਮਿਸ਼ਰਾ ‘ਟੈਨੀ’ ਦਾ ਪੁੱਤਰ ਹੈ ਅਤੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਹੈ।
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 3 ਅਕਤੂਬਰ, 2021 ਨੂੰ ਹੋਈ ਇਸ ਦੌਰਾਨ ਵਾਪਰੀ ਘਟਨਾ ਵਿੱਚ ਅੱਠ ਜਣੇ ਮਾਰੇ ਗਏ ਸਨ। ਉੱਤਰ ਪ੍ਰਦੇਸ਼ ਪੁਲਿਸ ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਅਨੁਸਾਰ, ਚਾਰ ਕਿਸਾਨਾਂ ਦੀ ਇੱਕ ਐਸਯੂਵੀ ਹੇਠਾਂ ਕੁਚਲ ਕੇ ਮੌਤ ਹੋ ਗਈ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਇਸ ਦੌਰਾਨ ਕੇਂਦਰ ਦੇ ਉਸ ਸਮੇਂ ਦੇ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।
26 ਜੁਲਾਈ ਨੂੰ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਅਰਜ਼ੀ ‘ਤੇ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐਮਐਮ ਸੁੰਦਰੇਸ਼ ਦੀ ਬੈਂਚ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ ਦੀ ਤਰੀਕ 26 ਸਤੰਬਰ ਤੈਅ ਕੀਤੀ ਹੈ।