Chhatar Yuva Sangharsh Samiti

CM ਮਾਨ ਵੱਲੋਂ ਵਿਦਿਆਰਥੀ ਕੌਂਸਲ ਚੋਣਾਂ ‘ਚ ਛਾਤਰ ਯੁਵਾ ਸੰਘਰਸ਼ ਸਮਿਤੀ ਦੀ ਜਿੱਤ, ਮੇਕ ਇੰਡੀਆ ਨੰਬਰ-1 ਮੁਹਿੰਮ ਦੇ ਹੱਕ ‘ਚ ਫ਼ਤਵਾ ਕਰਾਰ

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (ਸੀ.ਵਾਈ.ਐਸ.ਐਸ.) ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫ਼ਤਵਾ ਹੈ।

ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਨਿਵਾਸ ਸਥਾਨ `ਤੇ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀ ਨਵੀਂ ਚੁਣੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਹੋਰ ਹਿੱਸਿਆਂ ਤੋਂ ਆਏ ਵਿਦਿਆਰਥੀਆਂ ਲਈ ਕੇਂਦਰ ਬਿੰਦੂ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦੀਆਂ ਦੂਰਅੰਦੇਸ਼ ਅਤੇ ਫੈਸਲਾਕੁਨ ਨੀਤੀਆਂ ਦੇ ਹੱਕ ਵਿੱਚ ਲੋਕ ਭੁਗਤਣ ਲਈ ਅੰਦਰਖਾਤੇ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਤੀਜਾ ਦੇਸ਼ ਦੀ ਰਾਜਨੀਤੀ ਵਿੱਚ ਲੋੜੀਂਦੀ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਉਨ੍ਹਾਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਹੈ, ਜੋ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਯੂਸ਼ ਖਟਕੜ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਟੀਮ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਲੋੜੀਂਦੀਆਂ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਮਰਪਿਤ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਵਿਦਿਆਰਥੀਆਂ ਦੀ ਸੇਵਾ ਕਰਨ ਲਈ ਸਾਡੇ ਉਤੇ ਇਕ ਹੋਰ ਜ਼ਿੰਮੇਵਾਰੀ ਪਾ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨਵੀਂ ਚੁਣੀ ਟੀਮ ਯੂਨੀਵਰਸਿਟੀ ਕੈਂਪਸ ਦੇ ਵਿਆਪਕ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Scroll to Top