Deputy Commissioner Sakshi Sahni

ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਬ-ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ

ਪਟਿਆਲਾ, 27 ਅਕਤੂਬਰ 2022: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Deputy Commissioner Sakshi Sahni)ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਤਹਿਸੀਲ ਦਫ਼ਤਰ ਵਿਖੇ ਸਾਫ਼-ਸਫ਼ਾਈ ਸਮੇਤ ਆਪਣੇ ਕੰਮਾਂ-ਕਾਰਾਂ ਲਈ ਇੱਥੇ ਪੁੱਜੇ ਲੋਕਾਂ ਨਾਲ ਗੱਲਬਾਤ ਕਰਕੇ ਤਹਿਸੀਲ ਦਫ਼ਤਰ ਦੀ ਕਾਰਜਪ੍ਰਣਾਲੀ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ।

ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਥਰੂਮਜ਼ ਅਤੇ ਬਾਗਬਾਨੀ ਦੇ ਕੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਸਾਫ਼-ਸਫ਼ਾਈ ਦਾ ਕੰਮ ਕਰਵਾ ਰਹੇ ਠੇਕੇਦਾਰ ਸਮੇਤ ਬਾਗਬਾਨੀ ਦੇ ਠੇਕੇਦਾਰ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਬਲਾਕਾਂ ਵਿਚਲੇ ਸਮੁਚੇ ਬਾਥਰੂਮਜ਼ ਦੀ ਸਫ਼ਾਈ ਨਿਯਮਤ ਤੌਰ ‘ਤੇ ਕਰਵਾਈ ਜਾਵੇ ਅਤੇ ਬੂਟਿਆਂ ਦੀ ਸਮੇਂ ਸਿਰ ਕਾਂਟ-ਛਾਂਟ ਕਰਕੇ ਨਵੇਂ ਬੂਟੇ ਵੀ ਲਗਾਏ ਜਾਣ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮੇਂ ਸਿਰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਾਫ਼-ਸੁਥਰਾ ਤੇ ਸਵੱਛ ਵਾਤਾਵਰਣ ਪ੍ਰਦਾਨ ਕਰਵਾਉਣ ਵਿੱਚ ਕੀਤੀ ਜਾਣ ਵਾਲੀ ਕਿਸੇ ਕਿਸਮ ਦੀ ਢਿਲਮੱਠ ਜਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੱਤਿਆਂ ਤੋਂ ਖਾਦ ਬਣਾਉਣ ਲਈ ਬਣਾਏ ਗਏ ਕੰਪੋਸਟ ਪਿਟਸ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਸਾਹਮਣੇ ਆਉਣ ਵਾਲੀਆਂ ਕਮੀਆਂ ਤੁਰੰਤ ਦੂਰ ਕੀਤੀਆਂ ਜਾਣ। ਇਸ ਮੌਕੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਤੇ ਸਬ-ਰਜਿਸਟਰਾਰ ਕਰੁਣ ਗੁਪਤਾ ਵੀ ਮੌਜੂਦ ਸਨ।

Scroll to Top