ਚੰਡੀਗੜ੍ਹ 11 ਨਵੰਬਰ 2022: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਵੱਲੋਂ ਅਕਤੂਬਰ 2021 ਦੇ ਲਖੀਮਪੁਰ ਖੇੜੀ ਹਿੰਸਾ (Lakhimpur Kheri Violence) ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ । ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਲਖੀਮਪੁਰ ਖੇੜੀ ਹਿੰਸਾ ਨਾਲ ਜੁੜੇ ਇੱਕ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਜੱਜਾਂ ਦੇ ਬੈਂਚ ਦੇ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਇਸ ਮਾਮਲੇ ਨੂੰ ਪਹਿਲਾਂ ਹੀ ਨਜਿੱਠਿਆ ਹੈ। ਹੁਣ ਇਹ ਮਾਮਲਾ ਪੁਰਾਣੀ ਬੈਂਚ ਕੋਲ ਭੇਜਿਆ ਜਾਵੇਗਾ |
ਜਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਵਿਰੁੱਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ 3 ਅਕਤੂਬਰ, 2021 ਨੂੰ ਹੋਈ ਇਸ ਦੌਰਾਨ ਵਾਪਰੀ ਘਟਨਾ ਵਿੱਚ ਅੱਠ ਜਣੇ ਮਾਰੇ ਗਏ ਸਨ। ਉੱਤਰ ਪ੍ਰਦੇਸ਼ ਪੁਲਿਸ ਦੁਆਰਾ ਦਰਜ ਕੀਤੀ ਗਈ ਐਫਆਈਆਰ ਦੇ ਅਨੁਸਾਰ, ਚਾਰ ਕਿਸਾਨਾਂ ਦੀ ਇੱਕ ਐਸਯੂਵੀ ਹੇਠਾਂ ਕੁਚਲ ਕੇ ਮੌਤ ਹੋ ਗਈ, ਜਿਸ ਵਿੱਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਇਸ ਦੌਰਾਨ ਕੇਂਦਰ ਦੇ ਉਸ ਸਮੇਂ ਦੇ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।