ਚੰਡੀਗੜ੍ਹ 15 ਨਵੰਬਰ 2022:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਵੱਲੋਂ ਗੀਤਾਂ ਵਿੱਚ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ’ਤੇ ਪਾਬੰਦੀ ਲਾਉਣ ਦੇ ਫੈਸਲੇ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ’ਤੇ ਪਾਬੰਦੀ ਲਾਉਣ ਜਾਂ ਨਵੇਂ ਹਥਿਆਰਾਂ ਦੇ ਲਾਇਸੈਂਸ ਬੰਦ ਕਰਨ ਨਾਲ ਹੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ।
ਅਪਰਾਧੀ ਅਤੇ ਗੈਂਗਸਟਰ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਇਸੰਸਸ਼ੁਦਾ ਹਥਿਆਰਾਂ ਦੀ ਵਰਤੋਂ ਨਹੀਂ ਕਰਦੇ ਹਨ ਅਤੇ ਗੀਤਾਂ ਤੋਂ ਪ੍ਰੇਰਿਤ ਨਹੀਂ ਹੁੰਦੇ ਹਨ।ਵੜਿੰਗ ਨੇ ਰਾਜ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਲੋਕਾਂ ਨੂੰ ਟਾਰਗੇਟ ਕਿਲਿੰਗ ਅਤੇ ਨਫ਼ਰਤੀ ਅਪਰਾਧ ਤੋਂ ਬਚਾਉਣ ਲਈ ਕੀ ਯੋਜਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਸੂਬੇ ਵਿੱਚ ਡਰ ਦਾ ਮਾਹੌਲ ਹੈ।
ਵੜਿੰਗ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਆਈਐਸਆਈ ਪੰਜਾਬ ਵਿੱਚ ਚੋਣਵੇਂ ਢੰਗ ਨਾਲ ਕਤਲੇਆਮ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਕਈ ਕਤਲ ਦੇਖ ਚੁੱਕੇ ਹਾਂ ਪਰ ਸਰਕਾਰ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ।ਸੂਬਾ ਕਾਂਗਰਸ ਪ੍ਰਧਾਨ ਨੇ ਸਰਹੱਦੀ ਸੂਬੇ ਦੇ ਇਨ੍ਹਾਂ ਗੰਭੀਰ ਹਾਲਾਤਾਂ ‘ਤੇ ਕੇਂਦਰ ਸਰਕਾਰ ਦੀ ਚੁੱਪ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਨੂੰ ਯਾਦ ਦਿਵਾਇਆ ਕਿ ਲੋਕਾਂ ਨੇ ਉਨ੍ਹਾਂ ਨੂੰ ਪੰਜਾਬ ਛੱਡ ਕੇ ਗੁਜਰਾਤ ਵਿੱਚ ਚੋਣ ਪ੍ਰਚਾਰ ਲਈ ਨਹੀਂ ਚੁਣਿਆ। ਉਨ੍ਹਾਂ ਕਿਹਾ ਕਿ ਤੁਸੀਂ ਗੁਜਰਾਤ ‘ਚ ਚੋਣ ਪ੍ਰਚਾਰ ‘ਚ ਪੂਰੀ ਤਰ੍ਹਾਂ ਰੁੱਝੇ ਹੋਏ ਹੋ, ਜਿਸ ਕਾਰਨ ਪੰਜਾਬ ‘ਚ ਸ਼ਾਸਨ ਪ੍ਰਣਾਲੀ ‘ਤੇ ਮਾੜਾ ਅਸਰ ਪਿਆ ਹੈ। ਵੜਿੰਗ ਨੇ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਪੰਜਾਬ ਵਿੱਚ ਮੁੜ ਅੱਤਵਾਦ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਬਾਰੇ ਪਹਿਲਾਂ ਹੀ ਰਿਪੋਰਟਾਂ ਜਨਤਕ ਹੋ ਚੁੱਕੀਆਂ ਹਨ।ਇਸ ਦੇ ਬਾਵਜੂਦ ਸਰਕਾਰ ਕੋਲ ਕੋਈ ਕਾਰਵਾਈ ਦੀ ਯੋਜਨਾ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪਰਾਧ ਹੋ ਰਹੇ ਹਨ ਅਤੇ ਦਿੱਲੀ ਪੁਲਿਸ ਅਪਰਾਧੀਆਂ ਨੂੰ ਗ੍ਰਿਫਤਾਰ ਕਰ ਰਹੀ ਹੈ।