ਬਟਾਲਾ 26 ਨਵੰਬਰ 2022: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 347ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਬਟਾਲਾ ਵਿਚ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦਵਾਰਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਤੋਂ ਆਰੰਭ ਹੋ ਕੇ ਬਟਾਲਾ ਦੇ ਵੱਖ ਵੱਖ ਬਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦਵਾਰਾ ਸਾਹਿਬ ਜਾ ਕੇ ਖ਼ਾਲਸਾਈ ਜਾਹੋ-ਜਲਾਲ ਨਾਲ ਸਮਾਪਤ ਹੋਇਆ |
ਇਸ ਵਿਸ਼ਾਲ ਨਗਰ ਕੀਰਤਨ ਵਿਚ ਸਕੂਲੀ ਬੱਚੇ, ਗੱਤਕਾ ਦੀਆਂ ਟੀਮਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ | ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਸਨ | ਇਸ ਮੌਕੇ ਸੰਗਤਾਂ ਦਾ ਕਹਿਣਾ ਸੀ ਕਿ ਸ੍ਰੀ ਗੁਰੂ ਤੇਗ ਬਹਾਦੁਰ ਜੀ ਸਮੁੱਚੀ ਕੌਮਾਂ ਦੇ ਲਈ ਅਤੇ ਇਨਸਾਨੀਅਤ ‘ਤੇ ਹੋ ਰਹੇ ਤਸੱਦਤ ਦੇ ਖਿਲਾਫ ਆਪਣੇ ਜੀਵਨ ਦੀ ਕੁਰਬਾਨੀ ਦਿੱਤੀ ਅਤੇ ਇਸੇ ਕਾਰਨ ਉਹਨਾਂ ਨੂੰ ਹਿੰਦ ਦੀ ਚਾਦਰ ਕਿਹਾ ਜਾਂਦਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਗੁਰੂਆਂ ਦੇ ਦਰਸਾਏ ਸੱਚ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਜੀਵਨ ਨੂੰ ਸਫਲ ਕਰਨਾ ਚਹੀਦਾ ਹੈ ਅਤੇ ਹਰ ਇੱਕ ਜਰੂਰਤਮੰਦ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |