ਚੰਡੀਗੜ੍ਹ 30 ਨਵੰਬਰ 2022: ਬਿਲਕਿਸ ਬਾਨੋ (Bilkis Bano) ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਸਮੂਹਿਕ ਬਲਾਤਕਾਰ ਅਤੇ ਪਰਿਵਾਰਕ ਮੈਂਬਰਾਂ ਦੇ ਕਤਲ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦਾ ਚੀਫ ਜਸਟਿਸ ਡੀ.ਵਾਈ ਚੰਦਰਚੂੜ ਦੇ ਸਾਹਮਣੇ ਜ਼ਿਕਰ ਕੀਤਾ ਗਿਆ ਹੈ। ਇਸ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਉਹ ਇਸ ਮੁੱਦੇ ਦੀ ਘੋਖ ਕਰਨਗੇ ਕਿ ਕੀ ਦੋਵੇਂ ਪਟੀਸ਼ਨਾਂ ਇਕੱਠੀਆਂ ਸੁਣੀਆਂ ਜਾ ਸਕਦੀਆਂ ਹਨ ਅਤੇ ਕੀ ਇਨ੍ਹਾਂ ਦੀ ਇੱਕੋ ਬੈਂਚ ਅੱਗੇ ਸੁਣਵਾਈ ਹੋ ਸਕਦੀ ਹੈ?
ਜਿਕਰਯੋਗ ਹੈ ਕਿ ਬਿਲਕਿਸ ਬਾਨੋ (Bilkis Bano) ਮਾਮਲੇ ਵਿੱਚ ਪਹਿਲਾਂ ਹੀ ਦੋ ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਪਟੀਸ਼ਨ ਤੋਂ ਬਾਅਦ 21 ਅਕਤੂਬਰ ਨੂੰ ਇੱਕ ਮਹਿਲਾ ਸੰਗਠਨ ਵੱਲੋਂ ਵੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਸੀਟੀ ਰਵੀ ਕੁਮਾਰ ਦੀ ਬੈਂਚ ਨੇ ਇਸ ਪਟੀਸ਼ਨ ਨੂੰ ਮੁੱਖ ਪਟੀਸ਼ਨ ਨਾਲ ਜੋੜਿਆ। ਦੋਵਾਂ ਪਟੀਸ਼ਨਾਂ ‘ਤੇ ਇਕੱਠੇ ਸੁਣਵਾਈ ਹੋਵੇਗੀ। ਸਿਖਰਲੀ ਅਦਾਲਤ ‘ਨੈਸ਼ਨਲ ਫੈਡਰੇਸ਼ਨ ਆਫ ਇੰਡੀਅਨ ਵੂਮੈਨ’ ਵੱਲੋਂ ਦਾਇਰ ਪਟੀਸ਼ਨ ‘ਤੇ ਪਹਿਲਾਂ ਹੀ ਸੁਣਵਾਈ ਕਰ ਰਹੀ ਹੈ। ਇਹ ਸਜ਼ਾ ਮੁਆਫੀ ਅਤੇ ਕੇਸ ਦੇ ਦੋਸ਼ੀਆਂ ਨੂੰ ਬਰੀ ਕਰਨ ਨੂੰ ਚੁਣੌਤੀ ਦਿੰਦਾ ਹੈ।