ਚੰਡੀਗੜ੍ਹ 05 ਦਸੰਬਰ 2022: ਜਲੰਧਰ ਦੇ ਦਿਹਾਤੀ ਸ਼ਹਿਰ ਫਿਲੌਰ ਦੇ ਪਿੰਡ ਮਨਸੂਰਪੁਰ (Mansurpur) ‘ਚ ਅੱਜ ਤੜਕੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਉਕਤ ਮੁਲਜ਼ਮ ਨੂੰ ਮੌਕੇ ‘ਤੇ ਫੜ ਲਿਆ ਹੈ |
ਹਾਲਾਂਕਿ ਬੇਅਦਬੀ ਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੱਸਿਆ ਕਿ ਪਿੰਡ ਮਨਸੂਰਪੁਰ, ਥਾਣਾ ਗੋਰਾਇਆ, ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ ‘ਚ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਮਾਮਲਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਕਾਬੂ ਹੇਠ ਹੈ।
ਉੱਥੇ ਮੌਜੂਦ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉਨ੍ਹਾਂ ਨੇ ਕਿਹਾ ਕਿ ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ |
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦਿਆਂ ਲਿਖਿਆ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਹ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ।