ਸੁਨਾਮ ਊਧਮ ਸਿੰਘ ਵਾਲਾ 05 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਸੁਨਾਮ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ ਇੱਕ ਹੋਰ ਲੋਕ ਪੱਖੀ ਐਲਾਨ ‘ਤੇ ਮੋਹਰ ਲਗਾਉਂਦਿਆਂ ਸੁਨਾਮ ਸ਼ਹਿਰ ਵਿੱਚ ਸੌ ਫ਼ੀਸਦੀ ਸੀਵਰੇਜ ਸਿਸਟਮ ਨੂੰ ਯਕੀਨੀ ਬਣਾਉਣ ਲਈ 6.38 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣੇ ਐਲਾਨ ਤੋਂ ਮਹਿਜ਼ ਤਿੰਨ- ਚਾਰ ਮਹੀਨਿਆਂ ਦੇ ਅੰਦਰ ਅੰਦਰ ਹੀ ਸੁਨਾਮ ਵਾਸੀਆਂ ਦੀ ਅਹਿਮ ਮੰਗ ਨੂੰ ਸਵੀਕਾਰ ਕਰਦੇ ਹੋਏ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪੰਜਾਬ ਵਾਸੀਆਂ ਲਈ ਦੁਖਾਂਤ ਹੀ ਰਿਹਾ ਹੈ ਕਿ ਕਿਸੇ ਵੀ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਤੋਂ ਵੀ ਟਾਲ਼ਾ ਵੱਟੀ ਰੱਖਿਆ ਜਦਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਪਹਿਲੇ ਮਹੀਨੇ ਅੰਦਰ ਹੀ ਸਹੂਲਤਾਂ ਉਪਲੱਬਧ ਕਰਵਾਉਣ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਸੀ।
ਅਮਨ ਅਰੋੜਾ ਨੇ ਕਿਹਾ ਕਿ ਨਗਰ ਕੌਂਸਲ ਸੁਨਾਮ ਦੇ ਦਾਇਰੇ ਅਧੀਨ ਆਉਂਦੇ ਸੌ ਫ਼ੀਸਦੀ ਲੋਕਾਂ ਨੂੰ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਵਿਚ ਉਨ੍ਹਾਂ ਵੱਲੋਂ ਲਗਾਤਾਰ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਬਾਰੇ ਮੀਟਿੰਗਾਂ ਕਰਕੇ ਤਰਜੀਹੀ ਆਧਾਰ ‘ਤੇ ਕਰਵਾਏ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ |
ਜਿਸ ਤਹਿਤ ਸੁਨਾਮ ਸ਼ਹਿਰ ਵਿੱਚ ਬਕਾਇਆ ਰਹਿੰਦੇ 6.80 ਕਿਲੋਮੀਟਰ ਬ੍ਰਾਂਚ ਸੀਵਰ ਪਾਉਣ ਲਈ 6.38 ਕਰੋੜ ਦਾ ਅਨੁਮਾਨ ਲਗਾਇਆ ਗਿਆ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ 6.38 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ।