ਜਲੰਧਰ 20 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਕੜਾਕੇ ਦੀ ਠੰਢ ਵਿੱਚ ਐੱਸ.ਸੀ. ਭਾਈਚਾਰੇ ਦੇ ਘਰ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਲੋਕ ਬੇਘਰ ਹੋ ਗਏ | ਇਨ੍ਹਾਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵਿਜੇ ਸਾਂਪਲਾ ਬੁੱਧਵਾਰ 21 ਵਜੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।
ਅੱਜ ਸਵੇਰੇ ਕਰੀਬ 11.30 ਵਜੇ ਲਤੀਫਪੁਰਾ ਦੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਜੇ ਸਾਂਪਲਾ ਸਰਕਟ ਹਾਊਸ ਵਿਖੇ ਜਲੰਧਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਪੀੜਤ ਦਲਿਤਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਸਬੰਧੀ ਮੀਟਿੰਗ ਕਰਨਗੇ।
ਕਮਿਸ਼ਨ ਨੂੰ ਹਾਲ ਹੀ ਵਿੱਚ ਸ੍ਰੀ ਗੁਰੂ ਰਵਿਦਾਸ ਸੰਘਰਸ਼ ਸਮਿਤੀ ਵੱਲੋਂ ਇਸ ਸਬੰਧ ਵਿੱਚ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਕਾਨਾਂ ਨੂੰ ਢਾਹੇ ਜਾਣ ਦਾ ਮੁੱਦਾ ਚੁੱਕਿਆ ਗਿਆ ਸੀ। ਸ਼ਿਕਾਇਤ ਅਨੁਸਾਰ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਬਿਨਾਂ ਕੋਈ ਅਗਾਊਂ ਸੂਚਨਾ ਦਿੱਤੇ ਮਕਾਨ ਢਾਹੁਣ ਦੀ ਇਹ ਮੁਹਿੰਮ ਚਲਾਈ ਸੀ।
ਸ਼ਿਕਾਇਤ ਤੋਂ ਬਾਅਦ ਉਕਤ ਮਾਮਲੇ ‘ਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ (ਪੰਜਾਬ) ਦੇ ਨਾਲ-ਨਾਲ ਕਮਿਸ਼ਨਰ ਨਗਰ ਨਿਗਮ, ਪੁਲਿਸ ਕਮਿਸ਼ਨਰ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਪੂਰੇ ਮਾਮਲੇ ਦੀ ਜਾਂਚ ਕਰਕੇ ਤੱਥਾਂ ‘ਤੇ ਆਧਾਰਿਤ ਕਾਰਵਾਈ ਰਿਪੋਰਟ ਭੇਜਣ ਲਈ ਕਿਹਾ ਹੈ।