ਅੰਮ੍ਰਿਤਸਰ, 21 ਜਨਵਰੀ 2023: ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਦੇਣਾਂ ਸਿੱਖਾਂ ਦੇ ਜ਼ਖਮਾਂ ਤੇ ਲੂਣ ਛਿੜਕਨ ਦੇ ਸਮਾਨ ਹੈ ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜ਼ੂਦ ਵੀ ਸਿੱਖ ਬੰਦੀਆਂ ਨੂੰ ਪੈਰੋਲ ਦਿੱਤੀ ਹੀ ਨਹੀਂ ਜਾ ਰਹੀ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਐਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਓਹਨਾਂ ਕਿਹਾ ਕਿ ਡੇਰਾ ਮੁਖੀ ਨੂੰ ਪਿਛਲੇ ਇੱਕ ਸਾਲ ਚ ਚੌਥੀ ਪੈਰੋਲ ਮਿਲ ਰਹੀ ਹੈ ਜਦੋਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 27 ਸਾਲਾਂ ‘ਚ ਸਿਰਫ ਇੱਕ ਘੰਟੇ ਦੀ ਪੈਰੋਲ ਮਿਲੀ ਹੈ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਲ 2017 ਵਿੱਚ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਮੇਂ-ਸਮੇਂ ‘ਤੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਂਦਾ ਰਿਹਾ ਹੈ।