CM Bhagwant Mann

CM ਭਗਵੰਤ ਮਾਨ ਵਲੋਂ ਮਹਿੰਦਰਾ ਐਂਡ ਮਹਿੰਦਰਾ, ਗੋਦਰੇਜ ਅਤੇ ਜਿੰਦਲ ਸਟੀਲ ਸਣੇ ਕਈ ਵੱਡੀ ਕੰਪਨੀਆਂ ਨਾਲ ਮੁਲਾਕਾਤ

ਮੁੰਬਈ/ਚੰਡੀਗੜ੍ਹ, 23 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਦਯੋਗ ਜਗਤ ਦੀਆਂ ਪ੍ਰਮੁੱਖ ਹਸਤੀਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ ਕਰਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਆਪਣੇ ਮੁੰਬਈ ਦੌਰੇ ਦੌਰਾਨ ਗੋਦਰੇਜ, ਹਿੰਦੁਸਤਾਨ ਯੂਨੀਲਿਵਰ, ਮਫਤਲਾਲ ਗਰੁੱਪ, ਮਹਿੰਦਰਾ ਐਂਡ ਮਹਿੰਦਰਾ, ਜਿੰਦਲ ਸਟੀਲਜ ਅਤੇ ਹੋਰਾਂ ਸਨਅਤਕਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਨੂੰ ਇਨ੍ਹਾਂ ਉਦਯੋਗਿਕ ਇਕਾਈਆਂ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ ਕਰਨ ਲਈ ਕਿਹਾ। ਭਗਵੰਤ ਮਾਨ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨਿਵੇਸਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਦੇ ਸੁਮੇਲ ਵਾਲੀਆਂ ਸੂਬਾ ਸਰਕਾਰ ਦੀਆਂ ਨੀਤੀਆਂ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿੰਗਲ ਵਿੰਡੋ ਸੇਵਾ ਸਿਰਫ ਧੋਖਾ ਤੇ ਛਲਾਵਾ ਸੀ ਤੇ ਇਸ ਦਾ ਕੋਈ ਸਾਰਥਕ ਮਨੋਰਥ ਨਹੀਂ ਸੀ ਜਿਸ ਨੇ ਨਾ ਸਿਰਫ ਸੰਭਾਵੀ ਨਿਵੇਸਕਾਂ ਦਾ ਮਨੋਬਲ ਤੋੜਿਆ ਸਗੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਪਾਈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਸਿੰਗਲ ਵਿੰਡੋ ਸਿਸਟਮ ਸੂਬੇ ਵਿੱਚ ਨਿਵੇਸ ਕਰਨ ਦੇ ਇੱਛੁਕ ਉੱਦਮੀਆਂ ਲਈ ਸਹੀ ਮਾਅਨਿਆਂ ਵਿਚ ਸਹੂਲਤ ਵਜੋਂ ਕੰਮ ਕਰੇ।

ਹਿੰਦੁਸਤਾਨ ਯੂਨੀਲਿਵਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਾਭਾ ਵਿਖੇ ਸਥਾਪਤ ਟੋਮਾਟੋ ਕੈਚੱਪ ਦੇ ਪਲਾਂਟ ਦਾ ਵਿਸਥਾਰ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਪੰਜਾਬ ਵਿੱਚ ਟਮਾਟਰਾਂ ਦੀ ਬਿਜਾਈ ਕਰਨ ਲਈ ਉਤਸਾਹਿਤ ਕਰੇਗੀ ਜਿਸ ਨਾਲ ਉਨ੍ਹਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ। ਕੰਪਨੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਵਿੱਚ ਆਪਣੀ ਯੂਨਿਟ ਸਥਾਪਤ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣਗੇ।

ਮੁੱਖ ਮੰਤਰੀ ਨੇ ਸਿਹਤ ਜਾਂਚ ਤੇ ਸੰਭਾਲ ਬਾਰੇ ਲੈਬਾਰਟਰੀਆਂ ਦੀ ਭਾਰਤੀ ਬਹੁ-ਰਾਸਟਰੀ ਕੰਪਨੀ ਥਾਈਰੋਕੇਅਰ ਦੇ ਵਫਦ ਨਾਲ ਵੀ ਵਿਸਥਾਰ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਕੰਪਨੀ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਜੋਰ ਦੇ ਰਹੀ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਲੈਬਾਰਟਰੀਆਂ ਸਥਾਪਤ ਕਰਨ ਦਾ ਸੱਦਾ ਵੀ ਦਿੱਤਾ ਤਾਂ ਜੋ ਲੋਕਾਂ ਨੂੰ ਸਹੂਲਤ ਪਹੁੰਚਾਈ ਜਾ ਸਕੇ।

ਮਫਤਲਾਲ ਗਰੁੱਪ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿਸਵ ਭਰ ਵਿੱਚ ਸਭ ਤੋਂ ਵਧੀਆ ਕਪਾਹ ਪੈਦਾ ਕਰਦੀ ਹੈ ਜਿਸ ਨੂੰ ਉੱਤਮ ਦਰਜੇ ਦਾ ਕੱਪੜਾ ਬਣਾਉਣ ਲਈ ਕੱਚੇ ਮਾਲ ਵਜੋਂ ਵਰਤਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਨਿਵੇਸ ਕਰਨ ਲਈ ਕਿਹਾ ਕਿਉਂਕਿ ਸੂਬੇ ਵਿੱਚ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਮਹਿੰਦਰਾ ਐਂਡ ਮਹਿੰਦਰਾ ਦੇ ਨੁਮਾਇੰਦਿਆਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਖੇਤਰ ਖਾਸ ਕਰਕੇ ਰਣਜੀਤ ਸਾਗਰ ਡੈਮ, ਚੋਹਾਲ ਡੈਮ ਅਤੇ ਹੋਰਾਂ ਪ੍ਰਾਜੈਕਟਾਂ ਦੇ ਆਸ-ਪਾਸ ਵੱਡੀਆਂ ਸੰਭਾਵਨਾਵਾਂ ਹਨ। ਕੰਪਨੀ ਨੇ ਸੂਬੇ ਵਿੱਚ ਕਲੱਬ ਮਹਿੰਦਰਾ ਰਿਜ਼ੌਰਟ ਦੀ ਆਪਣੀ ਚੇਨ ਸਥਾਪਤ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਮੁੱਖ ਮੰਤਰੀ ਨੂੰ ਲਾਲੜੂ ਵਿਖੇ ਸਵਰਾਜ ਟਰੈਕਟਰਜ ਦੇ ਅੱਪਗਰੇਡ ਕੀਤੇ ਪਲਾਂਟ ਦੇ ਉਦਘਾਟਨ ਲਈ ਵੀ ਸੱਦਾ ਦਿੱਤਾ।

ਕੋਟਕ ਮਹਿੰਦਰਾ ਬੈਂਕ ਦੇ ਵਫਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਬੈਂਕਿੰਗ ਖੇਤਰ ਦੇ ਵਿਸਥਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਉਨ੍ਹਾਂ ਦਾ ਕਾਰੋਬਾਰ ਸਥਾਪਤ ਕਰਨ ਲਈ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

ਇਸ ਦੌਰਾਨ ਲੌਜਿਸਟਿਕ ਕੰਪਨੀ ਹਿੰਦ ਟਰਮੀਨਲਜ ਦੇ ਵਫਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੈਕਟਰ ਦੇ ਵਿਕਾਸ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਨੇ ਕਿਲ੍ਹਾ ਰਾਏਪੁਰ ਵਿੱਚ ਆਪਣੇ ਯੂਨਿਟ ਦੇ ਵਿਸਥਾਰ ਲਈ ਕੰਪਨੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੌਜਿਸਟਿਕ ਪਾਰਕ ਨੂੰ ਹੁਲਾਰਾ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਗੋਦਰੇਜ ਗਰੁੱਪ ਨਾਲ ਵੀ ਵਿਸਥਾਰ ਵਿਚ ਗੱਲਬਾਤ ਕੀਤੀ ਜਿਨ੍ਹਾਂ ਨੇ ਬਾਅਦ ਦੁਪਹਿਰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਗਰੁੱਪ ਨੂੰ ਖੇਤੀਬਾੜੀ ਸੈਕਟਰ ਵਿਚ ਨਿਵੇਸ਼ ਕਰਨ ਲਈ ਆਖਿਆ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਨੇ ਗਰੁੱਪ ਨੂੰ ਰੀਅਲ ਸੈਕਟਰ ਵਿਚ ਵੀ ਵਿਸਥਾਰ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ।

ਜਿੰਦਲ ਸਟੀਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਵਿਚ ਨਿਵੇਸ਼ ਲਈ ਆਖਿਆ ਕਿਉਂ ਜੋ ਸੂਬੇ ਵਿਚ ਵਿਕਾਸ ਤੇ ਤਰੱਕੀ ਦੇ ਅਸੀਮ ਮੌਕੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਸਰਪਲੱਸ ਵਿਚ ਸੂਬਾ ਅੱਗੇ ਵਧ ਰਿਹਾ ਹੈ ਜੋ ਉਦਯੋਗਿਕ ਤਰੱਕੀ ਵਿਚ ਮਦਦਗਾਰ ਸਾਬਤ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਰੱਕੀ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਮੋਹਾਲੀ ਵਿਖੇ ਕਰਵਾਇਆ ਜਾ ਰਿਹਾ ‘ਨਿਵੇਸ਼ ਪੰਜਾਬ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸੰਮੇਲਨ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਵਿਚ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਉਦਯੋਗਿਕ ਵਿਕਾਸ ਦੇ ਖੇਤਰ ਵਿਚ ਪੰਜਾਬ ਸਫਲਤਾ ਦਾ ਨਵਾਂ ਇਤਿਹਾਸ ਸਿਰਜੇਗਾ।

Scroll to Top