ਜਲੰਧਰ 24 ਜਨਵਰੀ 2023: ਜਲੰਧਰ (Jalandhar) ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ 74ਵੇਂ ਗਣਤੰਤਰ ਦਿਵਸ ਪ੍ਰੋਗਰਾਮ ਲਈ ਅੱਜ ਫੁੱਲ ਡਰੈੱਸ ਰਿਹਸਲ ਕੀਤੀ ਗਈ। ਜਿਸ ਵਿੱਚ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਲਾਮੀ ਲਈ ਅਤੇ ਸਕੂਲ, ਕਾਲਜ ਦੇ ਬੱਚਿਆਂ ਨੇ ਅੱਜ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਸਲ ਵਿੱਚ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਝੰਡਾ ਲਹਿਰਾਇਆ, ਜਿਸ ਤੋਂ ਬਾਅਦ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। 26 ਜਨਵਰੀ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ ਅਤੇ ਬਾਅਦ ਵਿੱਚ ਸਲਾਮੀ ਲੈਣਗੇ।
ਇਸ ਸਬੰਧੀ ਜਦੋਂ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਲੰਧਰ ‘ਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਟ੍ਰੈਫਿਕ ਰੂਟ ਬਦਲ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |