Bhagwant Mann

ਬੇਅਦਬੀ ਤੇ ਗੋਲੀਕਾਂਡ ਦੀਆਂ ਘਟਨਾਵਾਂ ਦਾ ਇਨਸਾਫ਼ ਦਿਵਾਉਣ ਲਈ ਸਾਡੀ ਸਰਕਾਰ ਵਚਨਬੱਧ: CM ਮਾਨ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੁਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰੇਕ ਮਨੁੱਖ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇਅ ਉਤੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ। ਅਕਾਲੀਆਂ ਤੇ ਕਾਂਗਰਸੀਆਂ ਉਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਗੰਢ-ਤੁੱਪ ਕੀਤੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਦੋਸ਼ੇ ਧਰਨਾਕਾਰੀਆਂ ਉਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਤੇ ਹੋਰ ਸਬੰਧਤ ਘਟਨਾਵਾਂ ਦੀ ਬਾਰੀਕੀ ਨਾਲ ਪੜਤਾਲ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗਠਜੋੜ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੁੱਟਿਆ।

ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Scroll to Top