Imran Khan

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 29 ਮਾਰਚ 2023: ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਮਹਿਲਾ ਜੱਜ ਨੂੰ ਕਥਿਤ ਤੌਰ ‘ਤੇ ਧਮਕੀ ਦੇਣ ਦੇ ਦੋਸ਼ ‘ਚ ਬੁੱਧਵਾਰ ਨੂੰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਇਮਰਾਨ ਖਾਨ ਨੇ ਗੈਰ-ਜ਼ਮਾਨਤੀ ਵਾਰੰਟ ਖ਼ਿਲਾਫ਼ ਇਸਲਾਮਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਜਾਣਕਾਰੀ ਮੁਤਾਬਕ ਇਸਲਾਮਾਬਾਦ ਸਥਿਤ ਜੁਡੀਸ਼ੀਅਲ ਮੈਜਿਸਟ੍ਰੇਟ ਮਲਿਕ ਅਮਾਨ ਨੇ ਇਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਇਮਰਾਨ ਖਾਨ (Imran Khan) ਦੇ ਵਕੀਲ ਦੀ ਉਸ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਮੈਜਿਸਟਰੇਟ ਨੇ ਅਧਿਕਾਰੀਆਂ ਨੂੰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਮੁਖੀ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਜੱਜ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 18 ਅਪ੍ਰੈਲ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ 24 ਮਾਰਚ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਇਮਰਾਨ ਖ਼ਾਨ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਨੂੰ ਜ਼ਮਾਨਤੀ ਵਾਰੰਟ ਵਿੱਚ ਤਬਦੀਲ ਕਰ ਦਿੱਤਾ ਸੀ। ਉਦੋਂ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ 29 ਮਾਰਚ ਯਾਨੀ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਹਾਜ਼ਰ ਹੋਣ ਲਈ ਕਿਹਾ ਸੀ, ਇਸ ਦੇ ਬਾਵਜੂਦ ਇਮਰਾਨ ਖ਼ਾਨ ਗ਼ੈਰਹਾਜ਼ਰ ਰਹੇ। ਇਸ ਤੋਂ ਪਹਿਲਾਂ 13 ਮਾਰਚ ਨੂੰ ਜੱਜ ਰਾਣਾ ਮੁਜਾਹਿਦ ਨੇ ਇਮਰਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

Scroll to Top