ਚੰਡੀਗੜ੍ਹ, 03 ਅਪ੍ਰੈਲ 2023: ਸੋਮਵਾਰ ਨੂੰ ਮੌਸਮ ਵਿਭਾਗ (Meteorological Department) ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਆਰੇਂਜ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। 4 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 5 ਅਪ੍ਰੈਲ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਨੂੰ ਆਸ ਸੀ ਕਿ ਸ਼ਾਇਦ ਉਹ ਖਰਾਬ ਮੌਸਮ ਤੋਂ ਛੁਟਕਾਰਾ ਪਾ ਲੈਣਗੇ ਪਰ ਅਜੇ ਵੀ ਉਨ੍ਹਾਂ ਨੂੰ ਕੁਦਰਤ ਦੀ ਕਰੋਪੀ ਤੋਂ ਰਾਹਤ ਨਹੀਂ ਮਿਲ ਰਹੀ। ਚੰਡੀਗੜ੍ਹ ਮੌਸਮ ਵਿਭਾਗ (Meteorological Department) ਅਨੁਸਾਰ ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 3.5 ਮਿਲੀਮੀਟਰ, ਬਰਨਾਲਾ ਵਿੱਚ 0.5 ਮਿਲੀਮੀਟਰ, ਅੰਮ੍ਰਿਤਸਰ ਵਿੱਚ 3.0 ਮਿਲੀਮੀਟਰ, ਮੋਗਾ ਵਿੱਚ 3.1 ਮਿਲੀਮੀਟਰ, ਜਲੰਧਰ ਵਿੱਚ 7.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 7.1 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।
ਬਾਕੀ ਜ਼ਿਲ੍ਹਿਆਂ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲੀ। ਸ਼ਾਮ ਨੂੰ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ ਅਤੇ ਬਾਰਿਸ਼ ਹੋਈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ, ਉੱਥੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੇ ਪੂਰੀ ਤਰ੍ਹਾਂ ਖ਼ਰਾਬ ਹੋਣ ਦਾ ਡਰ ਸਤਾ ਰਿਹਾ ਹੈ। ਕਣਕ ਨੂੰ ਪੱਕਣ ਲਈ ਅਪ੍ਰੈਲ ਵਿੱਚ ਧੁੱਪ ਦੀ ਲੋੜ ਹੁੰਦੀ ਹੈ, ਪਰ ਪਹਿਲੇ ਹਫ਼ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।