ਹੁਸ਼ਿਆਰਪੁਰ, 08 ਅਪ੍ਰੈਲ 2023: ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਅਤੇ ਉਨ੍ਹਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਸੂਬੇ ਵਿਚ ਉਦਯੋਗਾਂ ਨੂੰ ਬੜਾਵਾਂ ਦੇਣ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਉਦਯੋਗਾਂ ਨੂੰ ਮਿਲਣ ਵਾਲੀ ਕਲੀਅਰੈਂਸ ਨੂੰ ਕਾਫ਼ੀ ਆਸਾਨ ਕਰ ਦਿੱਤਾ ਗਿਆ ਹੈ। ਉਹ ‘ਹੁਸ਼ਿਆਰਪੁਰ ਲਾਰਜ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ’ ਦੀ ਸਾਲਾਨਾ ਮੀਟਿੰਗ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਇੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਐਸੋਸੀਏਸ਼ਨ ਦੇ ਪ੍ਰਧਾਨ ਆਈ.ਐਮ.ਜੇ.ਐਸ ਸਿੱਧੂ, ਜਨਰਲ ਸਕੱਤਰ ਤਰੁਣ ਚਾਵਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਤੇ ਹੋਰ ਸੰਸਥਾਵਾਂ ਵੱਖ-ਵੱਖ ਰੈਗੂਲੇਟਰੀ ਕਲੀਅਰੈਂਸ ਅਤੇ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਸਰਕਾਰ ਵਲੋਂ ਕਰੀਬ 117 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਰੈਗੂਲੇਅਰੀ ਕਲੀਅਰੈਂਸ ਜਿਵੇਂ ਕਿ ਚੇਂਜ ਆਫ਼ ਲੈਂਡ ਯੂਜ਼, ਪ੍ਰਦੂਸ਼ਣ, ਫਾਇਰ, ਬਾਅਲਰ ਰਜਿਸਟਰੇਸ਼ਨ ਆਦਿ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਰਵਿਸਜ਼ ਜਿਵੇਂ ਕਿ ਸੋਸਾਇਟੀ ਰਜਿਸਟਰੇਸ਼ਨ, ਸ਼ਾਪ ਅਸਟੈਬਲਿਸ਼ਮੈਂਟ, ਇੰਡਸਟਰੀਲ ਪਲਾਂਟ ਅਲਾਟਮੈਂਟ, ਬਾਅਲਰ ਰੀਨਿਊ, ਪ੍ਰਦੂਸ਼ਣ ਸਰਟੀਫਿਕੇਟ ਰੀਨਿਊ, ਐਕਸਾਈਜ ਤੇ ਟੈਕਸੇਸ਼ਨ ਸਬੰਧੀ ਸਰਵਿਸਜ਼ ਆਦਿ ਇਕ ਹੀ ਪੋਰਟਲ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ 1500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਚ ਹੀ ਸੋਨਾਲੀਕਾ ਆਪਣੇ ਉਦਯੋਗ ਦਾ ਵਿਸਥਾਰ ਕਰੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਕਾਫ਼ੀ ਲਾਭ ਮਿਲੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀ ਉਦਯੋਗਿਕ ਇਕਾਈਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਇੰਡਸਟਰੀਜ ਨੇ ਬੇਹਤਰੀਨ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਉਦਯੋਗਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।