ਅੰਮ੍ਰਿਤਸਰ,10 ਅਪ੍ਰੈਲ 2023: ਪਿਛਲੇ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ ਹੋ ਗਈ ਹੈ, ਜਿਸਦੇ ਚੱਲਦੇ ਲਗਾਤਾਰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਖ਼ਿਲਾਫ਼ ਮਾਣਯੋਗ ਅਦਾਲਤ ਵਿੱਚ ਵੀ ਪਟੀਸ਼ਨਾਂ ਪਾਈਆਂ ਹੋਈਆਂ ਹਨ, ਲੇਕਿਨ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਜੋ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਡਿਊਟੀ ਕਰ ਰਹੇ ਸਨ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਹੋਂਣ ‘ਤੇ ਉਹ ਐਸਜੀਪੀਸੀ ਦੇ ਮੁਲਾਜ਼ਮ ਹਰਿਆਣਾ ਕਮੇਟੀ ਦੇ ਅਧੀਨ ਆਉਣ ਲੱਗੇ |
ਹੁਣ ਮੁਲਾਜ਼ਮਾਂ ਨੇ ਸ਼੍ਰੋਮਣੀ ਕਮੇਟੀ (SGPC) ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀ ਡਿਊਟੀ ਪੰਜਾਬ ਦੇ ਗੁਰਦੁਆਰਿਆਂ ਲਗਾਈ ਜਾਵੇ | ਅੱਜ ਉਹਨਾਂ ਵੱਲੋਂ ਐਸਜੀਪੀਸੀ ਦੇ ਮੁੱਖ ਦਫਤਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਡਿਊਟੀ ਨਿਭਾ ਰਹੇ ਸਨ ਅਤੇ ਐਸਜੀਪੀਸੀ ਵੱਲੋਂ ਹੀ ਉਹਨਾਂ ਦੀ ਡਿਊਟੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਲਗਾਈ ਗਈ ਸੀ |
ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਵੱਖਰੀ ਹੋ ਗਈ, ਜਿਸ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਧੀਨ ਆਉਣ ਲੱਗੀਆਂ | ਉਹਨਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਐਕਟ ‘ਤੇ ਸਾਨੂੰ ਭਰੋਸਾ ਨਹੀਂ ਹੈ | ਜਿਸ ਕਰਕੇ ਉਹ ਲਗਾਤਾਰ ਹੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੀ ਪੰਜਾਬ ਦੇ ਗੁਰਦੁਆਰਿਆਂ ਵਿੱਚ ਹੀ ਡਿਊਟੀ ਲਗਾਈ ਜਾਵੇ ਅਤੇ ਉਨ੍ਹਾਂ ਵਲੋਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਦਿੱਤਾ ਜਾਵੇਗਾ |