Lal Chand Kataruchak

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

ਚੰਡੀਗੜ, 20 ਅਪ੍ਰੈਲ 2023: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ (Lal Chand Kataruchak) ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ। ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

Scroll to Top