ਅੰਮ੍ਰਿਤਸਰ, 08 ਮਈ 2023: ਅੰਮ੍ਰਿਤਸਰ (Amritsar) ਦੇ ਰਾਮ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਚਾਰ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ, ਜਦੋਂਕਿ ਫੋਰੈਂਸਿਕ ਟੀਮ ਨੇ ਵੀ ਘਰ ਦੀ ਜਾਂਚ ਕੀਤੀ ਹੈ।
ਇਹ ਘਟਨਾ ਰਾਤ ਕਰੀਬ 11:30 ਵਜੇ ਵਾਪਰੀ। ਅੰਮ੍ਰਿਤਸਰ ਦੇ ਇਸਲਾਮਾਬਾਦ ਖੇਤਰ ਅਧੀਨ ਪੈਂਦੇ ਰਾਮ ਨਗਰ ‘ਚ 4 ਅਣਪਛਾਤੇ ਵਿਅਕਤੀਆਂ ਇਕ ਘਰ ‘ਚ ਦਾਖਲ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਰ ਬੇਕਰੀ ਵਾਲਿਆਂ ਦਾ ਹੈ। ਅੰਦਰ ਜਾਂਦੇ ਹੀ ਨੌਜਵਾਨਾਂ ਨੇ ਸੌਰਭ ਨਾਂ ਦੇ ਨੌਜਵਾਨ ’ਤੇ ਦੋ ਗੋਲੀਆਂ ਚਲਾ ਦਿੱਤੀਆਂ।
ਘਟਨਾ ਤੋਂ ਬਾਅਦ ਜਦੋਂ ਲੋਕਾਂ ਨੇ ਤੁਰੰਤ ਸੌਰਭ ਨੂੰ ਅਮਨਦੀਪ ਹਸਪਤਾਲ ਪਹੁੰਚਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਜਾਂਚ ਸ਼ੁਰੂ ਕੀਤੀ ਗਈ ਹੈ, ਕਾਰਨਾਂ ਅਤੇ ਦੋਸ਼ੀਆਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਕਿ ਕੁਝ ਸੁਰਾਗ ਮਿਲ ਸਕਣ। ਇਸ ਤੋਂ ਇਲਾਵਾ ਇਲਾਕੇ ਵਿੱਚ ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।