ਚੰਡੀਗੜ੍ਹ, 11 ਮਈ 2023: ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੁਪਰੀਮ ਕੋਰਟ ਦੇ ਫੈਸਲੇ ਦੇ ਕੁਝ ਘੰਟਿਆਂ ਬਾਅਦ ਹੀ ਦਿੱਲੀ ਸਰਕਾਰ ਨੇ ਸਰਵਿਸ ਸੈਕਟਰੀ ਆਸ਼ੀਸ਼ ਮੋਰੇ (Ashish More) ਨੂੰ ਹਟਾ ਦਿੱਤਾ ਹੈ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨਿਕ ਸੇਵਾਵਾਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਮਿਲਣ ਤੋਂ ਬਾਅਦ ਦਿੱਲੀ ਸਰਕਾਰ ਹਰਕਤ ਵਿੱਚ ਆ ਗਈ ਹੈ। ਦਿੱਲੀ ਸਰਕਾਰ ਦੇ ਸੇਵਾਵਾਂ ਵਿਭਾਗ ਦੇ ਮੰਤਰੀ ਸੌਰਭ ਭਾਰਦਵਾਜ ਨੇ ਸੇਵਾਵਾਂ ਸਕੱਤਰ ਨੂੰ ਬਦਲਣ ਦਾ ਹੁਕਮ ਜਾਰੀ ਕੀਤਾ ਹੈ। ਸੇਵਾ ਸਕੱਤਰ ਵਜੋਂ ਨਿਯੁਕਤ ਕੀਤੇ ਗਏ ਆਸ਼ੀਸ਼ ਮੋਰੇ (Ashish More) ਨੂੰ ਹਟਾ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਅੱਜ ਕੇਂਦਰ ਬਨਾਮ ਦਿੱਲੀ ਸਰਕਾਰ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਕਿਹਾ ਕਿ ਇੱਕ ਚੁਣੀ ਹੋਈ ਸਰਕਾਰ ਨੂੰ ਪ੍ਰਸ਼ਾਸਨ ਨੂੰ ਕੰਟਰੋਲ ਕਰਨ ਦੀ ਲੋੜ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ ਕਿ ਜ਼ਮੀਨ, ਪੁਲਿਸ ਅਤੇ ਕਾਨੂੰਨ ਵਿਵਸਥਾ ਨੂੰ ਛੱਡ ਕੇ ਰਾਸ਼ਟਰੀ ਰਾਜਧਾਨੀ ਦੀਆਂ ਬਾਕੀ ਪ੍ਰਸ਼ਾਸਨਿਕ ਸੇਵਾਵਾਂ ਦਿੱਲੀ ਸਰਕਾਰ ਦੁਆਰਾ ਨਿਯੰਤਰਿਤ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਤਿੰਨ ਮੁੱਦਿਆਂ ਨੂੰ ਛੱਡ ਕੇ ਉਪ ਰਾਜਪਾਲ ਦਿੱਲੀ ਸਰਕਾਰ ਦੇ ਬਾਕੀ ਫੈਸਲਿਆਂ ਨੂੰ ਮੰਨਣ ਲਈ ਪਾਬੰਦ ਹੈ।