Agriculture department

ਖੇਤੀਬਾੜੀ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਅਪੀਲ

ਮਾਲੇਰਕੋਟਲਾ 11 ਮਈ 2023: ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਫ਼ਸਲੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ।

ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ,ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ । ਕਿਸਾਨ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਯੋਗਦਾਨ ਪਾ ਸਕਦੇ ਹਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਵਿਚ ਸਹਾਈ ਹੋ ਸਕਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ 80 ਫ਼ੀਸਦੀ ਜੈਵਿਕ ਮਾਦਾ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮਾਨੋਅਕਸਾਈਡ ਗੈਸ ਦੇ ਤੌਰ ‘ਤੇ ਨਸ਼ਟ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਪੌਦੇ ਦੇ ਤੱਤਾਂ (ਖ਼ਾਸ ਤੌਰ ਤੇ ਨਾਈਟ੍ਰੋਜਨ ਅਤੇ ਗੰਧਕ) ਦਾ ਨਾਸ਼ ਹੁੰਦਾ ਹੈ ਜਿਸ ਦਾ ਮਿੱਟੀ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ।

ਲਗਭਗ 89 ਫ਼ੀਸਦੀ ਨਾਈਟ੍ਰੋਜਨ, 20 ਫ਼ੀਸਦੀ ਫਾਸਫੋਰਸ ਅਤੇ ਪੋਟਾਸ਼, 50 ਫ਼ੀਸਦੀ ਸਲਫ਼ਰ ਆਦਿ ਤੱਤ ਅੱਗ ਕਾਰਨ ਨਸ਼ਟ ਹੋ ਜਾਂਦੇ ਹਨ। ਇੱਕ ਅਨੁਮਾਨ ਮੁਤਾਬਿਕ ਇਕੱਲੇ ਪੰਜਾਬ ਵਿਚ ਸਾਲਾਨਾ ਤਕਰੀਬਨ 1.5 ਲੱਖ ਨਾਈਟ੍ਰੋਜਨ ਅਤੇ ਸਲਫ਼ਰ ਤੱਤਾਂ ਦਾ ਨਾਸ਼ ਅੱਗ ਲਗਾਉਣ ਨਾਲ ਹੁੰਦਾ ਹੈ। ਜਿਸ ਦੀ ਮੌਜੂਦਾ ਰਕਮ 150 ਕਰੋੜ ਰੁਪਏ ਬਣਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਸਾਫ਼-ਸੁਥਰਾ ਰਹੇ, ਮਿੱਟੀ ਦੀ ਉਪਜਾਊ ਸ਼ਕਤੀ ਵਧੇ, ਮਿੱਤਰ ਕੀੜੇ ਖ਼ਤਮ ਨਾ ਹੋਣ, ਖਾਦਾਂ ਦੀ ਵਰਤੋਂ ਘੱਟ ਸਕੇ ਅਤੇ ਜੈਵਿਕ ਮਾਦਾ ਵਧ ਸਕੇ ਜਿਸ ਨਾਲ ਪਾਣੀ ਦੀ ਬੱਚਤ ਵੀ ਹੋ ਸਕੇ।

Scroll to Top