ਚੰਡੀਗੜ੍ਹ, 12 ਮਈ 2023: ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਮਨੀਸ਼ ਸਿਸੋਦੀਆ (Manish Sisodia) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੁਣ ਸੀਬੀਆਈ ਮਾਮਲੇ ਵਿੱਚ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 2 ਜੂਨ ਤੱਕ ਵਧਾ ਦਿੱਤੀ ਹੈ।
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਮਾਮਲੇ ਵਿੱਚ ਆਪਣੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ 21 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਸਬੰਧਤ ਜੇਲ੍ਹ ਸੁਪਰਡੈਂਟ ਨੂੰ ਜ਼ਮਾਨਤ ਪਟੀਸ਼ਨ ਦੇ ਨਿਪਟਾਰੇ ਤੱਕ ਸਿਸੋਦੀਆ ਅਤੇ ਪਤਨੀ ਵਿਚਕਾਰ ਹਰ ਦੂਜੇ ਦਿਨ ਦੁਪਹਿਰ 3-4 ਵਜੇ ਦਰਮਿਆਨ ਵਰਚੁਅਲ ਮੁਲਾਕਾਤ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਹਨ ।ਅਦਾਲਤ ਨੇ ਸਪੱਸ਼ਟ ਕੀਤਾ ਕਿ ਵਰਚੁਅਲ ਮੀਟਿੰਗ ਜੇਲ੍ਹ ਦੇ ਨਿਯਮਾਂ ਅਨੁਸਾਰ ਹੋਵੇਗੀ। ਸਿਸੋਦੀਆ ਫਿਲਹਾਲ ਸੀਬੀਆਈ ਅਤੇ ਈਡੀ ਦੁਆਰਾ ਦਰਜ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਉਸ ਨੂੰ ਹਾਲ ਹੀ ਵਿੱਚ ਈਡੀ ਕੇਸ ਵਿੱਚ ਵੀ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।