ਚੰਡੀਗੜ੍ਹ, 29 ਮਈ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਅਧੀਨ ਪੈਂਦੀ ਮੰਡੀ ਲੱਖੇਵਾਲੀ ਵਿੱਚ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਸਰਕਾਰ ਵਲੋਂ ਮਨਰੇਗਾ ਮਜਦੂਰਾਂ ਦੀਆ ਸਮਸਿਆਵਾਂ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ ।
ਉਹਨਾਂ (Dr. Baljit Kaur) ਮਨਰੇਗਾ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ, ਮਨਰੇਗਾ ਮਜਦੂਰਾਂ ਦੇ ਕੰਮ ਦੇ ਦਿਨ ਵਧਾਉਣ ਤੋਂ ਇਲਾਵਾ ਉਹਨਾਂ ਦੀਆਂ ਦਿਹਾੜੀਆਂ ਦੇ ਰੇਟ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚਾਈ ਜਾਵੇਗੀ ।ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਤੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹ ਆਪਣੇ ਤਰਫੋਂ ਵਿਸ਼ੇਸ਼ ਧਿਆਨ ਦੇ ਕੇ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰਨਗੇ।