ਰੂਪਨਗਰ/ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜ਼ਮੀਨੀ ਪੱਧਰ ‘ਤੇ ਜਾ ਕੇ ਹੋਏ ਨੁਕਸਾਨ ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲੇ ਵਿੱਚ ਸਿਸਵਾਂ ਤੇ ਬੁਧਕੀ ਨਦੀ ਦਾ ਦੌਰਾ ਕੀਤਾ। ਮੀਤ ਹੇਅਰ ਨੇ ਕਿਹਾ ਕਿ ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਵਿੱਚ ਭਾਰੀ ਮੀਂਹ ਪੈਣ ਕਾਰਨ ਬਹੁਤ ਸਾਲਾਂ ਬਾਅਦ ਪੰਜਾਬ ਦੀ ਇਹ ਸਥਿਤੀ ਉਤਪੰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਦਰਿਆਵਾਂ ਵਿੱਚ ਸਮਰੱਥਾਂ ਨਾਲੋਂ ਵੱਧ ਪਾਣੀ ਆਉਣ ਕਾਰਨ ਓਵਰਫਲੋ ਹੋ ਕੇ ਪੰਜਾਬ ਦੇ ਬਹੁਤ ਸਾਰੀਆਂ ਇਲਾਕਿਆਂ ਨੂੰ ਪਾਣੀ ਦੀ ਮਾਰ ਝੱਲਣੀ ਪਈ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਰੂਪਨਗਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਅਤੇ ਰਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਫਤਨ ਫੰਡ (DISASTER FUND) ਵਿੱਚੋਂ 33.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਗਏ ਅਤੇ 71 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
ਮੀਤ ਹੇਅਰ ਨੇ ਇਸ ਮੌਕੇ ਦੱਸਿਆ ਕਿ ਸਮੇਂ ਸਮੇਂ ‘ਤੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਜ਼ਮੀਨੀ ਪੱਧਰ ‘ਤੇ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫਤਰ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਸਕੇ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਵਿਭਾਗ ਦੇ ਸਟਾਫ ਨੂੰ ਰਾਤ ਦੀ ਚੌਕਸੀ ਦੇ ਨਾਲ-ਨਾਲ ਖੇਤਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਫੌਰੀ ਉਪਾਅ ਜਿਵੇਂ ਕਿ ਰੇਤੇ ਦੇ ਥੈਲੇ, ਟਿੱਪਰ ਤੇ ਜੇ ਸੀ ਬੀ ਮਸ਼ੀਨ ਆਦਿ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ ਐਸ ਪੀ ਵਿਵੇਕਸ਼ੀਲ ਸੋਨੀ, ਐਸ ਡੀ ਐੱਮ ਅਮਰੀਕ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।