ਚੰਡੀਗੜ੍ਹ, 19 ਜੁਲਾਈ 2023: ਪੰਜਾਬ ਦੇ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ NDRF-SDRF ਅਤੇ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ। ਇੱਕ ਡਰੋਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਦਰਅਸਲ, ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸਥਿਤ UMP ਡੈਮ (UJH MULTIPURPOSE PROJECT) ਤੋਂ ਬੁੱਧਵਾਰ ਸਵੇਰੇ 2.60 ਲੱਖ ਕਿਊਸਿਕ ਪਾਣੀ ਛੱਡੇ ਜਾਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਨੇੜੇ ਭਾਰਤ-ਪਾਕਿ ਸਰਹੱਦ ਨੇੜੇ ਉੱਝ ਨਦੀ ਅਤੇ ਰਾਵੀ ਨਦੀ ਵਿੱਚ ਪਾਣੀ ਦਾ ਪੱਧਰ ਵਧਿਆ ਹੈ ।
ਗੁਰਦਾਸਪੁਰ ਪ੍ਰਸ਼ਾਸਨ ਨੇ ਕੁਝ ਪਿੰਡਾਂ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ। ਜਿਹੜੇ ਪਿੰਡ ਬਚੇ ਸਨ, ਉਹ ਹੁਣ ਪਾਣੀ ਵਿੱਚ ਡੁੱਬ ਗਏ ਹਨ। ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਨੂੰ ਦੇਖਦੇ ਹੋਏ ਡੀਸੀ ਨੇ ਦੀਨਾਨਗਰ ਅਤੇ ਡੇਰਾ ਬਾਬਾ ਦੇ ਪੇਂਡੂ ਖੇਤਰਾਂ ਦੇ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਡੀਸੀ ਤੋਂ ਪ੍ਰਾਪਤ ਹਦਾਇਤਾਂ ’ਤੇ ਦਿਹਾਤੀ ਖੇਤਰ ਦੇ ਸਮੂਹ ਸਕੂਲ ਮੁਖੀਆਂ ਨੂੰ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਲਈ ਪੱਤਰ ਜਾਰੀ ਕੀਤਾ ਹੈ।
ਰਾਵੀ ਦਰਿਆ ਦੇ ਨੇੜੇ ਲੋਕਾਂ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਵੀ ਕੱਢ ਕੇ ਪਿੰਡ ਮਕੋੜਾ ਪੱਤਣ ਦੇ ਸਰਕਾਰੀ ਸਕੂਲ ਵਿੱਚ ਬਣਾਏ ਸ਼ੈਲਟਰ ਹੋਮ ਵਿੱਚ ਭੇਜ ਦਿੱਤਾ ਗਿਆ ਹੈ ਤਾਂ ਜੋ ਇਸ ਪਾਣੀ ਕਾਰਨ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਜ਼ਿਲ੍ਹਾ ਗੁਰਦਾਸਪੁਰ (Gurdaspur) ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ-ਪਾਕਿ ਸਰਹੱਦ ’ਤੇ ਪੈਂਦੇ ਪਿੰਡਾਂ ਤੂਰ, ਚੇਬੇ, ਭਰੀਅਲ, ਲੱਸੀਆਂ, ਮਾਮੀ ਚੱਕ ਰੰਗਾ, ਕਜਲੀ ਆਦਿ ਪਿੰਡਾਂ ’ਚ ਪਾਣੀ ਭਰਨ ਕਾਰਨ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ |
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ: ਹਿਮਾਂਸ਼ੂ ਅਗਰਵਾ ਨੇ ਦੱਸਿਆ ਕਿ ਉੱਝ ਦਰਿਆ ਵਿੱਚ ਪਾਣੀ ਛੱਡਿਆ ਗਿਆ । ਇਸ ਲਈ ਊਝ ਅਤੇ ਰਾਵੀ ਨਦੀਆਂ ਦੇ ਨੇੜੇ ਰਹਿਣ ਵਾਲੇ ਨਿਵਾਸੀਆਂ ਨੂੰ ਸਾਵਧਾਨ ਕੀਤਾ ਗਿਆ ਹੈ। ਉਨ੍ਹਾਂ ਨੂੰ ਨਦੀ ਤੋਂ ਦੂਰ ਰਹਿਣ ਅਤੇ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਲੈ ਜਾਣ ਦੀ ਸਲਾਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।