ਮੋਹਾਲੀ, 20 ਜੁਲਾਈ 2023: ਮਣੀਪੁਰ (Manipur) ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ | ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮਣੀਪੁਰ ਵਿੱਚ ਵਾਪਰੀ ਘਟਨਾ ਬਹੁਤ ਹੀ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਗੁੱਸਾ ਹੈ |
ਸ. ਕੁਲਵੰਤ ਸਿੰਘ ਨੇ ਕਿਹਾ ਕਿ ਮਣੀਪੁਰ (Manipur) ਵਿੱਚ ਕੂਕੀ ਭਾਈਚਾਰੇ ਨਾਲ ਸਬੰਧਤ ਦੋ ਬੀਬੀਆਂ ਨੂੰ ਵਹਿਸ਼ੀ ਢੰਗ ਨਾਲ ਨਗਨ ਹਾਲਤ ਵਿੱਚ ਸੜਕ ‘ਤੇ ਪਰੇਡ ਕਰਵਾਉਣ ਅਤੇ ਤਸ਼ੱਦਦ ਕੀਤੇ ਜਾਣ ਦੀ ਵਾਇਰਲ ਵੀਡੀਓ ਤੋਂ ਬਹੁਤ ਦੁਖੀ ਅਤੇ ਗੁੱਸੇ ਵਿੱਚ ਹਾਂ | ਉਨ੍ਹਾਂ ਨੇ ਮਣੀਪੁਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਪ੍ਰਤੀ ਕੋਈ ਹਮਦਰਦੀ ਜਾਂ ਰਹਿਮ ਨਾ ਦਿਖਾਇਆ ਜਾਵੇ |
ਸ. ਕੁਲਵੰਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਟਨਾ ਸੰਬੰਧਿਤ ਵਾਇਰਲ ਵੀਡੀਓ ਨੂੰ ਸਾਂਝਾ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਦੇਸ਼ ਵਿੱਚ ਸਭ ਤੋਂ ਜ਼ਿਆਦਾ ਸਾਡੀਆਂ ਧੀ-ਭੈਣਾਂ ਦੀ ਇੱਜ਼ਤ ਹੈ, ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਵਰਤੀ ਜਾਵੇ, ਕਿਉਂਕਿ ਅਜਿਹੀਆਂ ਘਟਨਾਵਾਂ ਕਾਰਨ ਪੂਰੇ ਦੇਸ਼ ਨੂੰ ਸ਼ਰਮਸ਼ਾਰ ਹੋਣਾ ਪੈਂਦਾ ਹੈ |
ਵਿਧਾਇਕ ਨੇ ਕਿਹਾ ਮਣੀਪੁਰ ਵਿੱਚ ਕਾਫ਼ੀ ਸਮੇਂ ਤੋਂ ਹਲਾਤ ਤਣਾਅਪੂਰਨ ਬਣੇ ਹੋਏ ਹਨ, ਕਈ ਤਰ੍ਹਾਂ ਦੀਆਂ ਹਿੰਸਕ ਘਟਨਾਵਾਂ ਸਾਹਮਣੇ ਆਈਆਂ, ਜਿਸ ਵਿੱਚ ਜਾਨੀ-ਮਾਲੀ ਨੁਕਸਾਨ ਵੀ ਹੋਇਆ | ਘੱਟ ਗਿਣਤੀਆਂ ਖ਼ਿਲਾਫ਼ ਬਣੇ ਇਸ ਤਰ੍ਹਾਂ ਦੇ ਮਾਹੌਲ ਕਾਰਨ ਮਣੀਪੁਰ ਦੇ ਆਮ ਲੋਕਾਂ ਦਾ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਨੇ ਮਣੀਪੁਰ ਸਰਕਾਰ ਅਤੇ ਕੇਂਦਰ ਸਰਕਾਰ ਸੂਬੇ ਦੇ ਵਿਗੜ ਰਹੇ ਹਲਾਤਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ |