Rahul Gandhi

ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਗੁਜਰਾਤ ਸਰਕਾਰ ਤੇ ਪੂਰਨੇਸ਼ ਮੋਦੀ ਨੂੰ ਨੋਟਿਸ ਜਾਰੀ

ਚੰਡੀਗੜ੍ਹ, 21 ਜੁਲਾਈ 2023: ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅਦਾਲਤ ਨੇ ਗੁਜਰਾਤ ਸਰਕਾਰ ਅਤੇ ਪਟੀਸ਼ਨਕਰਤਾ ਪੂਰਨੇਸ਼ ਮੋਦੀ ਨੂੰ ਨੋਟਿਸ ਜਾਰੀ ਕੀਤਾ ਹੈ।

ਦੱਸ ਦਈਏ ਕਿ ਗੁਜਰਾਤ ਹਾਈਕੋਰਟ ਨੇ ਅਪਰਾਧਿਕ ਮਾਣਹਾਨੀ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ‘ਚ ਸੂਰਤ ਦੀ ਅਦਾਲਤ ਨੇ ‘ਮੋਦੀ ਸਰਨੇਮ’ ਮਾਮਲੇ ‘ਚ ਉਨ੍ਹਾਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਜਸਟਿਸ ਬੀਆਰ ਗਵਈ ਅਤੇ ਜਸਟਿਸ ਪੀਕੇ ਮਿਸ਼ਰਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਗੁਜਰਾਤ ਸਰਕਾਰ ਅਤੇ ਪੂਰਨੇਸ਼ ਮੋਦੀ ਤੋਂ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 4 ਅਗਸਤ ਨੂੰ ਹੋਵੇਗੀ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ 18 ਜੁਲਾਈ ਨੂੰ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਵੱਲੋਂ ਮਾਮਲੇ ਦਾ ਜ਼ਿਕਰ ਕਰਨ ਅਤੇ ਤੁਰੰਤ ਸੁਣਵਾਈ ਦੀ ਮੰਗ ਕਰਨ ਤੋਂ ਬਾਅਦ ਗਾਂਧੀ ਦੀ ਪਟੀਸ਼ਨ ‘ਤੇ ਸੁਣਵਾਈ ਲਈ ਸਹਿਮਤੀ ਦਿੱਤੀ ਸੀ।

ਜੇਕਰ ਆਉਣ ਵਾਲੇ ਦਿਨਾਂ ‘ਚ ਰਾਹੁਲ ਗਾਂਧੀ (Rahul Gandhi) ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਤਾਂ ਉਹ 2031 ਤੱਕ ਕੋਈ ਵੀ ਚੋਣ ਨਹੀਂ ਲੜ ਸਕਣਗੇ। ਦਰਅਸਲ, ਨਿਯਮਾਂ ਮੁਤਾਬਕ ਕੋਈ ਵੀ ਵਿਅਕਤੀ ਸਜ਼ਾ ਪੂਰੀ ਹੋਣ ਤੋਂ ਬਾਅਦ ਛੇ ਸਾਲ ਤੱਕ ਚੋਣ ਨਹੀਂ ਲੜ ਸਕਦਾ। ਇਸ ਕਾਰਨ ਰਾਹੁਲ ਦੋ ਸਾਲ ਦੀ ਸਜ਼ਾ ਤੋਂ ਬਾਅਦ ਅਗਲੇ ਛੇ ਸਾਲ ਯਾਨੀ 2031 ਤੱਕ ਚੋਣ ਨਹੀਂ ਲੜ ਸਕਣਗੇ।

Scroll to Top