ਚੰਡੀਗੜ੍ਹ, 21 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ (Gurbani broadcast) ਮਾਮਲੇ ਵਿਚ ਅਹਿਮ ਫ਼ੈਸਲਾ ਲੈਂਦਿਆਂ ਅਗਲੇ ਬਦਲਵੇਂ ਪ੍ਰਬੰਧਾਂ ਤੱਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਰਘਬੀਰ ਸਿੰਘ ਦੀ ਹਦਾਇਤ ’ਤੇ ਅਮਲ ਕਰਦਿਆਂ ਪੀ.ਟੀ.ਸੀ. ਚੈਨਲ ਤੋਂ ਹੀ ਗੁਰਬਾਣੀ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਤੇ ਸੰਗਤਾਂ ਦੀਆਂ ਭਾਵਨਾਵਾਂ ਅਤੇ ਇੱਛਾ ਨੂੰ ਦੇਖਦਿਆਂ ਹੋਇਆ ਯੂ -ਟਿਊਬ ਚੈਨਲ ਦੇ ਨਾਲ ਨਾਲ ਚੈਨਲ ਤੋਂ ਹੀ ਫ਼ਿਲਹਾਲ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਤੇ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਇਕ ਪੱਤਰ ਚੈਨਲ ਦੇ ਪ੍ਰਬੰਧਕਾਂ ਨੂੰ ਭੇਜਿਆ ਜਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਪੀ.ਟੀ.ਸੀ. ਨੈੱਟਵਰਕ ਨਾਲ ਗੁਰਬਾਣੀ ਪ੍ਰਸਾਰਣ ਸੰਬੰਧੀ ਚਲ ਰਿਹਾ ਇਕਰਾਰਨਾਮਾ 23 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਸੀ।