ਚੰਡੀਗੜ੍ਹ, 01 ਅਗਸਤ 2023: ਮਹਾਰਾਸ਼ਟਰ (Maharashtra) ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸ਼ਾਹਪੁਰ ਪੁਲਿਸ ਨੇ ਦੱਸਿਆ ਕਿ ਸਮ੍ਰਿਧੀ ਐਕਸਪ੍ਰੈਸ ਹਾਈਵੇਅ ਦੇ ਤੀਜੇ ਪੜਾਅ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਮੰਗਲਵਾਰ ਤੜਕੇ ਸ਼ਾਹਪੁਰ ਨੇੜੇ ਇੱਕ ਗਰਡਰ ਲਾਂਚ ਕਰਨ ਵਾਲੀ ਮਸ਼ੀਨ ਡਿੱਗ ਗਈ, ਜਿਸ ਕਾਰਨ 17 ਜਣਿਆਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਜਣੇ ਜ਼ਖਮੀ ਹੋਏ ਹਨ।
ਘਟਨਾ ਮੁੰਬਈ ਨੇੜੇ ਠਾਣੇ ਜ਼ਿਲ੍ਹੇ ਦੀ ਹੈ। NDRF ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ । ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਵੱਲੋਂ ਜਾਰੀ ਇੱਕ ਟਵੀਟ ਵਿੱਚ ਮੋਦੀ ਨੇ ਕਿਹਾ, ”ਮਹਾਰਾਸ਼ਟਰ ਵਿੱਚ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ। ਇਸ ਵਿੱਚ, ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।” ਪੀਐਮਓ ਨੇ ਕਿਹਾ, “ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ।
ਦੂਜੇ ਪਾਸੇ ਮਹਾਰਾਸ਼ਟਰ (Maharashtra) ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, “ਇਹ ਮੰਦਭਾਗੀ ਘਟਨਾ ਹੈ। ਮ੍ਰਿਤਕ ਦੇ ਵਾਰਸਾਂ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਇੱਥੇ ਇੱਕ ਸਵਿਟਜ਼ਰਲੈਂਡ ਦੀ ਕੰਪਨੀ ਕੰਮ ਕਰਦੀ ਸੀ। ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਸਬੰਧਤ ਵਿਭਾਗ ਦੇ ਅਧਿਕਾਰੀ ਅਤੇ ਮੰਤਰੀ ਵੀ ਮੌਕੇ ‘ਤੇ ਮੌਜੂਦ ਹਨ।”
ਇਸ ਦੇ ਨਾਲ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਵੀ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜੇਸੀਬੀ ਅਤੇ ਬਚਾਅ ਟੀਮ ਨੇ ਚਾਰਜ ਸੰਭਾਲ ਲਿਆ ਹੈ। ਘਟਨਾ ਵਾਲੀ ਥਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਹੁਣ ਤੱਕ 14 ਲਾਸ਼ਾਂ ਬਰਾਮਦ ਹੋਈਆਂ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਛੇ ਲੋਕ ਅਜੇ ਵੀ ਗਰਡਰ ਦੇ ਹੇਠਾਂ ਫਸੇ ਹੋਏ ਹਨ।