ਚੰਡੀਗੜ੍ਹ, 01 ਅਗਸਤ 2023: ਸੰਸਦ ਦਾ ਮਾਨਸੂਨ ਸੈਸ਼ਨ ਹੁਣ ਤੱਕ ਮਣੀਪੁਰ ਮੁੱਦੇ ਕਾਰਨ ਹੰਗਾਮੇਦਾਰ ਰਿਹਾ ਹੈ। ਅੱਜ ਵੀ ਹੰਗਾਮੇ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਹੁਣ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਜਿਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਤਿੰਨ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲੋਕ ਸਭਾ ਵਿੱਚ ਦਿੱਲੀ ਸੇਵਾਵਾਂ ਬਿੱਲ ਪੇਸ਼ ਕੀਤਾ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਬਿੱਲ ਪੇਸ਼ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਨੇ ਕੇਂਦਰ ਸਰਕਾਰ ਨੂੰ ਦਿੱਲੀ ਬਾਰੇ ਫੈਸਲੇ ਲੈਣ ਦਾ ਅਧਿਕਾਰ ਦਿੱਤਾ ਹੈ। ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਿੱਲੀ ਸਰਵਿਸਿਜ਼ ਬਿੱਲ (ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ 2023) ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਬਿੱਲ ਸਹਿਕਾਰੀ ਸੰਘਵਾਦ ਲਈ ਖਤਰਾ ਹੈ।
ਵਿਰੋਧੀ ਧਿਰ ਵੱਲੋਂ ਸਰਕਾਰ ਵਿਰੁੱਧ ਲਿਆਂਦੇ ਬੇਭਰੋਸਗੀ ਮਤੇ ‘ਤੇ 8 ਅਗਸਤ ਤੋਂ 10 ਅਗਸਤ ਤੱਕ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਮੋਦੀ 10 ਅਗਸਤ ਨੂੰ ਬੇਭਰੋਸਗੀ ਮਤੇ ਦਾ ਜਵਾਬ ਦੇਣਗੇ। ਦੱਸ ਦੇਈਏ ਕਿ ਵਿਰੋਧੀ ਧਿਰ ਮਣੀਪੁਰ ਮੁੱਦੇ ‘ਤੇ ਸੰਸਦ ‘ਚ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਦੀ ਮੰਗ ਕਰ ਰਹੀ ਹੈ। ਇਸ ਦੇ ਲਈ ਵਿਰੋਧੀ ਧਿਰ ਨੇ ਬੇਭਰੋਸਗੀ ਮਤਾ ਲਿਆਉਣ ਦਾ ਫੈਸਲਾ ਕੀਤਾ ਤਾਂ ਜੋ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਪ੍ਰਧਾਨ ਮੰਤਰੀ ਬੇਭਰੋਸਗੀ ਮਤੇ ‘ਤੇ ਸੰਸਦ ‘ਚ ਜਵਾਬ ਦੇ ਸਕਣ। ਸਰਕਾਰ ਕੋਲ ਬਹੁਮਤ ਹੈ, ਇਸ ਲਈ ਬੇਭਰੋਸਗੀ ਮਤੇ ਨਾਲ ਸਰਕਾਰ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।