Gurpreet Singh Bhullar

ਆਈ.ਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਸਬੰਧੀ ਸੁਰੱਖਿਆ ਬੰਦੋਬਸਤਾਂ ਦਾ ਜਾਇਜ਼ਾ ਲਿਆ

ਮੋਹਾਲੀ, 11 ਅਗਸਤ 2023: ਇੰਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਗੁਰਪ੍ਰੀਤ ਸਿੰਘ ਭੁੱਲਰ (Gurpreet Singh Bhullar) ਨੇ ਸ਼ੁੱਕਰਵਾਰ ਸ਼ਾਮ ਨੂੰ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਖਾਸ ਕਰਕੇ ਸਾਰੀਆਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਮੀਟਿੰਗ ਵਿੱਚ ਐੱਸ ਐੱਸ ਪੀ ਡਾ. ਸੰਦੀਪ ਗਰਗ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਈ.ਜੀ. ਭੁੱਲਰ ਨੇ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਦਾ ਨਿਰੀਖਣ ਕਰਨ ਦਾ ਇੱਕੋ-ਇੱਕ ਉਦੇਸ਼ ਸੁਰੱਖਿਆ ਪ੍ਰਣਾਲੀ ਨੂੰ ਵਧੇਰੇ ਜਵਾਬਦੇਹ ਅਤੇ ਕੁਸ਼ਲ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Gurpreet Singh Bhullar

ਆਈ ਜੀ ਭੁੱਲਰ (Gurpreet Singh Bhullar) ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿਯਮਤ ਤੌਰ ‘ਤੇ ਅਚਨਚੇਤ ਦੌਰੇ ਕੀਤੇ ਜਾਣਗੇ ਅਤੇ ਫੀਲਡ ਅਧਿਕਾਰੀਆਂ ਨੂੰ ਇਨ੍ਹਾਂ ਥਾਵਾਂ ‘ਤੇ ਨਜ਼ਰ ਰੱਖਣ ਦੇ ਨਾਲ-ਨਾਲ ਜ਼ਮਾਨਤ ‘ਤੇ ਆਏ ਅਪਰਾਧੀਆਂ ‘ਤੇ ਨਜ਼ਰ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਆਈ ਜੀ ਪੀ ਨੇ ਐਸ ਐਸ ਪੀ ਡਾ. ਸੰਦੀਪ ਗਰਗ ਅਤੇ ਜੀ ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਜਨਤਕ ਥਾਵਾਂ ‘ਤੇ 24 ਘੰਟੇ ਗਸ਼ਤ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ/ਪੀ ਸੀ ਆਰ ਸ਼ਹਿਰ ਵਿੱਚ 24 ਘੰਟੇ ਨਿਗਰਾਨੀ ਅਤੇ ਗਸ਼ਤ ਕਰਨ ਕਿਉਂਕਿ ਇਨ੍ਹਾਂ ਥਾਵਾਂ, ਜਿਵੇਂ ਸ਼ਾਪਿੰਗ ਮਾਲ, ਬਜ਼ਾਰਾਂ, ਰੈਸਟੋਰੈਂਟਾਂ ਆਦਿ ਵਿੱਚ ਲੋਕਾਂ ਦੀ ਭੀੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਚੌਕਸ ਰਹਿਣਾ ਚਾਹੀਦਾ ਹੈ ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹਾ ਪੁਲਿਸ ਨਿਰਸਵਾਰਥ ਅਤੇ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਦੇਸ਼ ਦੀ ਸੇਵਾ ਕਰਨ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।

Scroll to Top