ਚੰਡੀਗੜ੍ਹ, 16 ਅਗਸਤ 2023: ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ 100 ਸ਼ਹਿਰਾਂ ਵਿੱਚ ਈ-ਬੱਸਾਂ (electric buses) ਚਲਾਉਣ ਦੀ ਯੋਜਨਾ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ‘ਤੇ 77,613 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਮੀਟਿੰਗ ਵਿੱਚ ਲਏ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਹੈ ਕਿ ਪੀਐਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਦੇ ਲਈ ਦੇਸ਼ ਭਰ ਵਿੱਚ ਲਗਭਗ 10,000 ਨਵੀਆਂ ਇਲੈਕਟ੍ਰਿਕ ਬੱਸਾਂ (electric buses) ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਵਿਸ਼ਵਕਰਮਾ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਦੂਜੇ ਪਾਸੇ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕੈਬਨਿਟ ‘ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੁੱਧਵਾਰ ਨੂੰ ਡਿਜੀਟਲ ਇੰਡੀਆ ਪ੍ਰੋਗਰਾਮ ਦੇ ਵਿਸਤਾਰ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।
ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਰਵਾਇਤੀ ਹੁਨਰ ਵਾਲੇ ਲੋਕਾਂ ਦੀ ਸਹਾਇਤਾ ਲਈ ‘ਵਿਸ਼ਵਕਰਮਾ ਯੋਜਨਾ’ ਨੂੰ ਮਨਜ਼ੂਰੀ ਦਿੱਤੀ। ਇਸ ਸਕੀਮ ਤਹਿਤ ਉਦਾਰ ਸ਼ਰਤਾਂ ‘ਤੇ 1 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਇਸ ਯੋਜਨਾ ਦੇ ਸੰਚਾਲਨ ਨਾਲ ਦੇਸ਼ ਭਰ ਦੇ ਲਗਭਗ 30 ਲੱਖ ਵਿਸ਼ਵਕਰਮਾ ਪਰਿਵਾਰਾਂ ਨੂੰ ਲਾਭ ਮਿਲੇਗਾ।