ਚੰਡੀਗੜ੍ਹ, 18 ਅਗਸਤ, 2023: ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਦਾ ਇਹ ਫੈਸਲਾ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਕਿਉਂਕਿ ਪੰਜਾਬ ਦੀ ‘ਆਪ’ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਦੱਸਿਆ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਾਰੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰਨ ਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਚੋਣਾਂ ਵੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ।
ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ। ਦੂਜੇ ਪਾਸੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ। ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਗਏ ਹਨ।