ਐੱਸ.ਏ.ਐੱਸ.ਨਗਰ, 04 ਸਤੰਬਰ 2023: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤ ਦੇ ਵਿਕਾਸ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਸਰਕਾਰ ਵਲੋਂ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੀ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਨਅਤੀ ਵਿਕਾਸ ਲਈ ਵੱਖੋ ਵੱਖ ਵਿਭਾਗਾਂ (industrial development) ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤੰਗੋਰੀ ਵਿਖੇ ਨਵਾਂ ਸਨਅਤੀ ਪਾਰਕ ਬਣਾਉਣ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਉਹਨਾਂ ਨੇ ਚਨਾਲੋਂ ਵਿਖੇ ਬਣਾਏ ਜਾਣ ਵਾਲਾ ਪਾਵਰਗ੍ਰਿਡ ਪ੍ਰੋਜੈਕਟ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਸ ਬਾਬਤ ਕਾਰਵਾਈ ਤੇਜ਼ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੇਬਰ ਕਲੇਮਜ਼ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਇਕ ਸੈੱਲ ਬਣਾਇਆ ਜਾਵੇ ਅਤੇ ਕਲੇਮਜ਼ ਅਤੇ ਸ਼ਿਕਾਇਤਾਂ ਦਾ 04 ਹਫ਼ਤਿਆਂ ਦੇ ਅੰਦਰ ਅੰਦਰ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੇਜ਼ 7, 8-ਏ ਅਤੇ 8-ਬੀ ਵਿਖੇ ਟ੍ਰੈਫਿਕ ਜਾਮ ਲੱਗਣ ਦੀਆਂ ਮੁਸ਼ਕਲਾਂ ਸਾਹਮਣੇ ਆਈਆਂ ਸਨ। ਇਸ ਸਬੰਧੀ ਨੋ ਪਾਰਕਿੰਗ ਤੇ ਟੋ-ਅਵੇ ਜ਼ੋਨ ਦਰਸਾਉਂਦੇ ਨਵੇਂ ਸਾਈਨ ਬੋਰਡ ਲੱਗ ਗਏ ਹਨ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦੇ ਦੋਵੇਂ ਸਾਫ ਸਫਾਈ ਕਰਵਾਈ ਜਾਵੇ। ਸੜਕਾਂ ਦੀ ਲੋੜੀਂਦੀ ਮੁਰੰਮਤ ਕਰਵਾਈ ਜਾਵੇ ਤੇ ਇਸ ਸਬੰਧੀ ਨਗਰ ਨਿਗਮ ਮੋਹਾਲੀ ਤੇ ਟ੍ਰੈਫਿਕ ਪੁਲਿਸ ਵੱਲੋਂ ਸਾਂਝੀ ਰਿਪੋਰਟ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਮੋਹਾਲੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਨਅਤੀ ਖੇਤਰ ਸਬੰਧੀ ਇਕੱਤਰ ਹੋਏ ਪ੍ਰਾਪਰਟੀ ਟੈਕਸ ਸਬੰਧੀ ਵਿਸਥਾਰਤ ਰਿਪੋਰਟ ਦਿੱਤੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਇਹ ਵੀ ਹਦਾਇਤਾਂ ਦਿੱਤੀਆਂ ਕਿ ਸਨਅਤਾਂ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਉਹਨਾਂ ਨੇ ਖਾਲੀ ਸਨਤੀ ਪਲਾਟਾਂ ਸਬੰਧੀ ਸਮੀਖਿਆ ਵੀ ਕੀਤੀ।
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਉੱਤੇ ਡੇਰਾਬਸੀ- ਬਰਵਾਲਾ ਰੋਡ ਦੀ ਸਮੀਖਿਆ ਰਿਪੋਰਟ ਮੁਹਈਆ ਕਰਵਾ ਕੇ ਇਸ ਦੀ ਹਾਲਤ ਸੁਧਾਰਨ ਸਬੰਧੀ ਲੋੜੀਂਦੀ ਕਾਰਵਾਈ ਫੌਰੀ ਕੀਤੀ ਜਾਵੇ। ਉਹਨਾਂ ਨੇ ਇਹ ਵੀ ਕਿਹਾ ਕਿ ਸਨਅਤਕਾਰਾਂ (industrial development) ਨੂੰ ਗਰੀਨ ਸਟੈਂਪ ਪੇਪਰ ਨੀਤੀ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਸਨਅਤਾਂ ਦੇ ਲਾਇਸੈਂਸ ਨਵਿਆਉਣ ਬਾਬਤ ਦਿਕਤਾਂ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਗਾਂ ਦੇ ਅਧਿਕਾਰੀ ਹਾਜ਼ਰ ਸਨ |