Heroin

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 15 ਕਿੱਲੋ ਹੈਰੋਇਨ ਕੀਤੀ ਬਰਾਮਦ, ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 06 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਉਸ ਕੋਲੋਂ 15 ਕਿਲੋ ਹੈਰੋਇਨ (Heroin) ਬਰਾਮਦ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਚੋਹਲਾ ਸਾਹਿਬ ਵਜੋਂ ਹੋਈ ਹੈ, ਜੋ ਕਿ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਨਿਊ ਰਣਜੀਤਪੁਰਾ ਵਿਖੇ ਰਹਿ ਰਿਹਾ ਸੀ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਿੱਟੇ ਰੰਗ ਦੀ ਹੁੰਡਈ ਗ੍ਰੈਂਡ ਆਈ-10 ਕਾਰ (ਪੀਬੀ 02 ਈਐਲ 7922) ਵੀ ਜ਼ਬਤ ਕੀਤੀ ਹੈ, ਜੋ ਕਿ ਉਕਤ ਮੁਲਜ਼ਮ ਤਸਕਰੀ ਲਈ ਵਰਤ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿੰਡ ਪੱਧਰੀ ਰੱਖਿਆ ਕਮੇਟੀ (ਵੀ.ਐਲ.ਡੀ.ਸੀ.)ਤੋਂ ਮਿਲੀ ਸੂਹ ਤਹਿਤ ਅੰਮ੍ਰਿਤਸਰ ਪੁਲਿਸ(ਦਿਹਾਤੀ) ਨੇ ਥਾਣਾ ਕੱਥੂਨੰਗਲ ਦੇ ਖੇਤਰ ਵਿੱਚ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕਾਰਵਾਈ ਕੀਤੀ ਅਤੇ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਉਸਦੀ ਗ੍ਰੈਂਡ ਆਈ-10 ਕਾਰ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਉਪਰੰਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਇੱਕ ਬੋਰੀ ਵਿੱਚ ਛੁਪਾ ਕੇ ਰੱਖੀ ਹੋਈ ਸੀ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੀਆਂ-ਪਿੱਛਲੀਆਂ ਕੜੀਆਂ ਦੀ ਤਫ਼ਤੀਸ਼ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਹਰਪ੍ਰੀਤ ਦੇ ਚਾਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਉਰਫ ਗੁੱਗੂ ਉਰਫ ਹੱਡੀ, ਰਾਹੁਲ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਜੱਟ ਸਾਰੇ ਵਾਸੀ ਜੰਡਿਆਲਾ ਗੁਰੂ ਅਤੇ ਗਗਨਦੀਪ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਆਈਜੀ ਬਾਰਡਰ ਰੇਂਜ ,ਅੰਮ੍ਰਿਤਸਰ, ਨਰਿੰਦਰ ਭਾਰਗਵ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ (Heroin) ਦੀ ਖੇਪ ਨਸ਼ਾ ਤਸਕਰ ਹੈਪੀ ਜੱਟ ਦੀ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਪ੍ਰੀਤ ਸਿੰਘ ਉਸ ਦੇ ਨਿਰਦੇਸ਼ਾਂ ’ਤੇ ਖੇਪ ਪਹੁੰਚਾਉਣ ਜਾ ਰਿਹਾ ਸੀ। ਉਹਨਾਂ ਅੱਗੇ ਕਿਹਾ ਕਿ ਦੋਸ਼ੀ ਹੈਪੀ ਜੱਟ ਇਸ ਇਲਾਕੇ ਦਾ ਮੁੱਖ ਸਰਗਨਾ ਅਤੇ ਸਭ ਤੋਂ ਵੱਧ ਲੋੜੀਂਦਾ ਨਸ਼ਾ ਤਸਕਰ ਹੈ।

ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਸਬੰਧੀੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 25 ਤਹਿਤ ਥਾਣਾ ਕੱਥੂਨੰਗਲ ਅੰਮ੍ਰਿਤਸਰ ਵਿਖੇ ਐਫਆਈਆਰ ਨੰ. 101 ਮਿਤੀ 5.9.2023 ਨੂੰ ਕੇਸ ਦਰਜ ਕੀਤਾ ਗਿਆ ਹੈ।

Scroll to Top