ਚੰਡੀਗੜ੍ਹ, 09 ਸਤੰਬਰ 2023: ਪਾਕਿਸਤਾਨੀ ਨਸ਼ਾ ਤਸਕਰਾਂ ਵੱਲੋਂ ਭਾਰਤੀ ਸਰਹੱਦ ਪਾਰੋਂ ਹੈਰੋਇਨ (Heroin) ਦੀ ਤਸਕਰੀ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਨਸ਼ਾ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਨੈੱਟਵਰਕ ਦੇ ਖ਼ਿਲਾਫ਼ ਖੁਫੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਤਸਕਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ (Heroin) ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਲਗਾਤਾਰ ਲੱਗੀ ਹੋਈ ਹੈ। ਐਨਡੀਪੀਐਸ ਐਕਟ ਤਹਿਤ ਥਾਣਾ ਸਦਰ ਫਾਜ਼ਿਲਕਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।