ਚੰਡੀਗੜ੍ਹ, 22 ਸਤੰਬਰ 2023: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਸ਼ਮਸ਼ੇਰ ਸਿੰਘ ਨੂੰ ਚੰਡੀਗੜ੍ਹ ਦੀ ਬੁੜੈਲ ਮਾਡਲ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਸੀਜੇਐਮ ਅਦਾਲਤ ਤੋਂ ਜਾਰੀ ਰਿਹਾਈ ਦੇ ਹੁਕਮ ਮਿਲਣ ’ਤੇ ਬੁੜੈਲ ਮਾਡਲ ਜੇਲ੍ਹ ਪ੍ਰਸ਼ਾਸਨ ਨੇ ਸ਼ਮਸ਼ੇਰ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ ਸ਼ਮਸ਼ੇਰ ਸਿੰਘ ਦੇ ਸਮਰਥਕ ਉਸ ਨੂੰ ਆਪਣੇ ਨਾਲ ਲੈ ਗਏ। ਸੀਜੇਐੱਮ ਡਾ. ਅਮਨ ਇੰਦਰ ਸਿੰਘ ਦੀ ਅਦਾਲਤ ਨੇ ਦੋ ਲੱਖ ਰੁਪਏ ਦੇ ਮੁਚਲਕੇ ਅਤੇ ਕੁਝ ਸ਼ਰਤਾਂ ਨਾਲ ਸ਼ਮਸ਼ੇਰ ਸਿੰਘ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕੀਤੀ ਸੀ।
ਇਸ ਤੋਂ ਪਹਿਲਾਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਨੇ ਸਮੇਂ ਤੋਂ ਪਹਿਲਾਂ ਜ਼ਮਾਨਤ ਦੀ ਸਿਫ਼ਾਰਸ਼ ‘ਤੇ ਫ਼ੈਸਲੇ ਲਈ 2 ਮਹੀਨੇ ਦਾ ਸਮਾਂ ਤੈਅ ਕੀਤਾ ਸੀ। ਦੋਸ਼ੀ ਸ਼ਮਸ਼ੇਰ ਸਿੰਘ ਨੇ ਜਨਵਰੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਸ਼ਮਸ਼ੇਰ ਸਿੰਘ 27 ਸਾਲ 8 ਮਹੀਨੇ ਅਤੇ 13 ਦਿਨ ਜੇਲ੍ਹ ਵਿੱਚ ਸੀ। ਦੋ ਮਹੀਨੇ ਪਹਿਲਾਂ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਸੁਪਰਡੈਂਟ, ਮਾਡਲ ਜੇਲ੍ਹ, ਚੰਡੀਗੜ੍ਹ ਵੱਲੋਂ ਦਾਇਰ ਰਿਪੋਰਟ ਅਨੁਸਾਰ ਸ਼ਮਸ਼ੇਰ ਸਿੰਘ ਪਹਿਲਾਂ 8 ਜੁਲਾਈ ਤੱਕ 27 ਸਾਲ, 6 ਮਹੀਨੇ ਅਤੇ 18 ਦਿਨ ਜੇਲ੍ਹ ਵਿੱਚ ਕੱਟ ਚੁੱਕਾ ਹੈ। ਜੇਲ੍ਹ ਅੰਦਰ ਉਸਦਾ ਆਚਰਣ ਚੰਗਾ ਸੀ। ਇਸੇ ਕਾਰਨ 13 ਜੁਲਾਈ ਨੂੰ ਦੋਸ਼ੀ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਜ਼ਮਾਨਤ ਦੀ ਸਿਫ਼ਾਰਸ਼ ਕੀਤੀ ਗਈ ਸੀ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅਗਸਤ 2007 ’ਚ ਸ਼ਮਸ਼ੇਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਥੇ ਮਾਮਲੇ ਵਿਚ ਹੋਰ ਦੋਸ਼ੀਆਂ ਨੂੰ ਵੀ ਸਜ਼ਾ ਹੋਈ ਸੀ। ਬੇਅੰਤ ਸਿੰਘ ਕਤਲ ਕਾਂਡ ਵਿਚ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਮਾਮਲਾ ਹਾਲੇ ਲੰਬਿਤ ਹੈ। ਇਸ ਤੋਂ ਪਹਿਲਾਂ ਜੁਲਾਈ 2023 ’ਚ ਸੀਜੇਐੱਮ ਅਦਾਲਤ ਨੇ ਸ਼ਮਸ਼ੇਰ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਵਾਲੀ ਸਿਫ਼ਾਰਸ਼ ’ਤੇ ਪ੍ਰਸ਼ਾਸਨ ਨੂੰ ਦੋ ਮਹੀਨਿਆਂ ’ਚ ਫ਼ੈਸਲਾ ਲੈਣ ਲਈ ਕਿਹਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਜੇ ਸ਼ਮਸ਼ੇਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਸਬੰਧਤ ਅਥਾਰਟੀ ਖ਼ਾਰਜ ਕਰ ਦਿੰਦੀ ਹੈ ਤਾਂ ਉਸ ਨੂੰ ਆਤਮ ਸਮਰਪਣ ਕਰਨਾ ਹੋਵੇਗਾ।