arrest

ਮਾਛੀਵਾੜਾ ਸਾਹਿਬ ‘ਚ 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜ਼ਬਰ ਜਨਾਹ !, ਪੁਲਿਸ ਵੱਲੋਂ ਮੁਲਜ਼ਮ ਕਾਬੂ

ਖੰਨਾ 28 ਸਤੰਬਰ 2023: ਪੁਲਿਸ ਜ਼ਿਲ੍ਹਾ ਖੰਨਾ ਦੇ ਸ੍ਰੀ ਮਾਛੀਵਾੜਾ ਸਾਹਿਬ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 32 ਸਾਲਾ ਵਿਅਕਤੀ ‘ਤੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਪਿੰਡ ਵਾਸੀਆਂ ਅਤੇ ਪੁਲਿਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।

ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮੱਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ।

ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ‘ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜ਼ਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ: ਐਸਪੀ

ਐਸਪੀ (ਆਈ) ਡਾ: ਪ੍ਰਗਿਆ ਜੈਨ ਨੇ ਕਿਹਾ ਕਿ ਅਜਿਹੀ ਘਿਨੌਣੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਜਲਦ ਤੋਂ ਜਲਦ ਸਾਰੇ ਠੋਸ ਸਬੂਤ ਇਕੱਠੇ ਕਰਕੇ ਚਲਾਨ ਤਿਆਰ ਕੀਤਾ ਜਾਵੇਗਾ। ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਕੇਸ ਦੀ ਪੈਰਵੀ ਮਜ਼ਬੂਤੀ ਨਾਲ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਸੋਚ ਵੀ ਨਾ ਸਕੇ। ਐਸਪੀ ਡਾ: ਜੈਨ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੀੜਤ ਬੱਚੀ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਸਦਾ ਮੈਡੀਕਲ ਕਰਵਾਉਣ ਤੋਂ ਇਲਾਵਾ ਲੋੜੀਂਦਾ ਇਲਾਜ ਕਰਵਾਇਆ ਜਾ ਰਿਹਾ ਹੈ।

Scroll to Top