ਚੰਡੀਗੜ੍ਹ, 4 ਅਕਤੂਬਰ 2023: ਕਥਿਤ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ (MP Sanjay Singh) ਦੇ ਦਿੱਲੀ ਸਥਿਤ ਘਰ ‘ਤੇ ਛਾਪੇਮਾਰੀ ਕੀਤਾ । ਇਹ ਛਾਪੇਮਾਰੀ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿੱਚ ਹੋਈ ਹੈ। ਦੁਪਹਿਰ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਸੰਸਦ ਮੈਂਬਰ ਦੇ ਕਰੀਬੀ ਹੋਰ ਕਈ ਜਣਿਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ ਸੀ। ਸੰਜੇ ਸਿੰਘ ਦੀ ਗ੍ਰਿਫਤਾਰੀ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਹਲਚਲ ਮਚ ਗਈ ਹੈ।
ਈਡੀ ਦੀ ਚਾਰਜਸ਼ੀਟ ਅਨੁਸਾਰ ਦਿੱਲੀ ਦੇ ਕਾਰੋਬਾਰੀ ਦਿਨੇਸ਼ ਅਰੋੜਾ, ਜਿਸ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸੰਜੇ ਸਿੰਘ (MP Sanjay Singh) ਦੀ ਮੌਜੂਦਗੀ ‘ਚ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇੱਕ ਬਿਆਨ ਵਿੱਚ ਅਰੋੜਾ ਨੇ ਈਡੀ ਨੂੰ ਦੱਸਿਆ ਕਿ ਉਹ ਇੱਕ ਸਮਾਗਮ ਦੌਰਾਨ ਸੰਜੇ ਸਿੰਘ ਨੂੰ ਮਿਲਿਆ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਸੰਪਰਕ ਵਿੱਚ ਵੀ ਆਏ।